ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 24 ਅਕਤੂਬਰ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸਥਾਨਕ ਧੂਰੀ-ਮਾਲੇਰਕੋਟਲਾ ਸੜਕ ਸਥਿਤ ਰਿਲਾਇੰਸ ਪੈਟਰੋਲ ਪੰਪ ਅੱਗੇ ਚੱਲ ਰਿਹਾ ਧਰਨਾ ਅੱਜ 24ਵੇਂ ਦਿਨ ਵੀ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾਈ ਸਕੱਤਰ ਹਰਿੰਦਰ ਕੌਰ ਬਿੰਦੂ ਅਤੇ ਬਲਾਕ ਖ਼ਜ਼ਾਨਚੀ ਕੁਲਵਿੰਦਰ ਸਿੰਘ ਭੂਦਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੇ ਦਬਾਅ ਹੇਠ ਆ ਕੇ ਕਿਸਾਨ ਮਾਰੂ ਖੇਤੀ ਕਾਨੂੰਨ ਪਾਸ ਕੀਤੇ ਹਨ। ਉਨ੍ਹਾਂ ਕਿਹਾ ਕਿ 25 ਅਕਤੂਬਰ ਨੂੰ ਦਸਹਿਰੇ ਮੌਕੇ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਅਤੇ ਭਾਜਪਾ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਕਾਰਪੋਰੇਟ ਘਰਾਣਿਆਂ ਦੇ ਆਦਮ ਕੱਦ ਪੁਤਲੇ ਫ਼ੂਕ ਕੇ ਦਸਹਿਰਾ ਮਨਾਇਆ ਜਾਵੇਗਾ। ਉਨ੍ਹਾਂ ਇਸ ਪ੍ਰੋਗਰਾਮ ’ਚ ਸ਼ਹਿਰ ਵਾਸੀਆਂ ਅਤੇ ਪਿੰਡ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਖੇਤੀ ਕਾਨੂੰਨਾਂ ਖਿਲਾਫ਼ ਉਘੇ ਪੰਜਾਬੀ ਗਾਇਕ ਦੀਪ ਸਿੱਧੂ ਅਤੇ ਹੋਰਨਾਂ ਦੀ ਅਗਵਾਈ ਵਿੱਚ ਇਸ ਖੇਤਰ ਵਿੱਚੋਂ ਗੁਜ਼ਰਦੀ ਦਿੱਲੀ-ਅੰਮ੍ਰਿਤਸਰ ਜੀ ਟੀ ਰੋਡ ’ਤੇ ਸ਼ੰਭੂ ਬੈਰੀਅਰ ਵਿੱਚ ਸ਼ੰਭੂ ਮੋਰਚਾ ਅੱਜ ਵੀ ਜਾਰੀ ਰਿਹਾ। ਜਦੋਂਕਿ ਇੱਥੇ ਨੇੜੇ ਹੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਇਸ ਦੇ ਆਗੂਆਂ ਲਖਵੀਰ ਸਿੰਘ ਸੌਂਟੀ, ਜਗਜੀਤ ਸਿੰਘ ਖਾਲਸਾ ਰਾਜਪੁਰਾ, ਸੁੱਚਾ ਸਿੰਘ ਧਮੌਲੀ ਦੀ ਅਗਵਾਈ ਵਿੱਚ ਮੋਦੀ ਸਰਕਾਰ ਖਿਲਾਫ ਕਿਸਾਨ ਮੋਰਚਾ ਜਾਰੀ ਰਿਹਾ। ਇਸ ਮੌਕੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਖੇਤੀ ਕਾਨੂੰਨ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇੱਥੇ ਰਿਲਾਇੰਸ ਪੈਟਰੋਪ ਪੰਪ ਅੱਗੇ ਧਰਨਾ ਜਾਰੀ ਹੈ। ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਨੇ 25 ਅਕਤੂਬਰ ਨੂੰ ਦਸਿਹਰੇ ਮੌਕੇ ਮੋਦੀ, ਸ਼ਾਹ, ਅਦਾਨੀ ਅਤੇ ਅੰਬਾਨੀ ਦੇ ਦਿਓਕੱਦ ਪੁਤਲੇ ਪਾਤੜਾਂ ਰੋਡ ’ਤੇ ਨਵੇਂ ਬਣੇ ਖੇਡ ਸਟੇਡੀਅਮ ਨੇੜੇ ਸਾੜਣ ਦੀ ਤਿਆਰੀ ਲਈ ਅੱਜ ਧਰਨਾਕਾਰੀਆਂ ਨੇ ਸ਼ਹਿਰ ’ਚ ਜਾਗਰੂਕਤਾ ਰੈਲੀ ਕੱਢੀ।
ਸ਼ੇਰਪੁਰ (ਬੀਰਬਲ ਰਿਸ਼ੀ): ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਮੋਦੀ, ਅੰਬਾਨੀ ਤੇ ਅਡਾਨੀ ਦੇ ਦਿਓਕੱਦ ਦਸਹਿਰੇ ਮੌਕੇ ਰਾਵਣ ਦੀ ਥਾਂ ਪੁਤਲੇ ਤਿਆਰ ਕੀਤੇ ਹਨ। ਭਲਕੇ ਸ਼ੇਰਪੁਰ ਵਿੱਚ ਰਾਮਲੀਲਾ ਵਾਲੀ ਜਗ੍ਹਾ ਤੇ ਦੂਜਾ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੇਰਪੁਰ-ਕਾਤਰੋਂ ਸੜਕ ’ਤੇ ਪੁਤਲਾ ਸਾੜਿਆ ਜਾਵੇਗਾ। ਅੱਜ ਐਸਰ ਪੈਟਰੋਲ ਪੰਪ ਕਾਤਰੋਂ ਅੱਗੇ 24ਵੇਂ ਦਿਨ ਵੀ ਜ਼ਾਰੀ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਮਲਕੀਤ ਸਿੰਘ ਹੇੜੀਕੇ ਅਤੇ ਬਲਵਿੰਦਰ ਸਿੰਘ ਕਾਲਾਬੂਲਾ ਨੇ ਸੰਬੋਧਨ ਕੀਤਾ।
ਟੌਲ ਪਲਾਜ਼ਾ ’ਤੇ ਧਰਨੇ ਦੀ ਕਮਾਂਡ ਹੋਣਹਾਰ ਧੀ ਨੇ ਸੰਭਾਲੀ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ਵਿੱਚ ਅੱਜ 24ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿੱਚ ਧਰਨੇ ਦੀ ਕਮਾਂਡ ਨਵਜੋਤ ਕੌਰ ਚੰਨੋਂ ਨੇ ਸੰਭਾਲੀ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ ਵੱਡੇ ਇਕੱਠ ਵਿੱਚ ਔਰਤਾਂ, ਨੌਜਵਾਨ ਅਤੇ ਕਿਸਾਨ ਸ਼ਾਮਲ ਹੋਏ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ਤੇ ਸਥਿਤ ਟੌਲ ਪਲਾਜ਼ਾ ਮਾਝੀ ਵਿਖੇ ਧਰਨਾ ਜਾਰੀ ਰੱਖਿਆ ਗਿਆ।
ਭਾਰਤ ਬੰਦ ਸਬੰੰਧੀ ਅਗਲੀ ਰਣਨੀਤੀ ਲਈ ਮੀਟਿੰਗ 27 ਨੂੰ
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਜਥੇਬੰਦੀਆਂ ਦੀ ਕਿਸਾਨ ਕੁਆਰਡੀਨੇਸ਼ਨ ਕਮੇਟੀ ਨੇ ਚੰਡੀਗੜ੍ਹ ਇੱਕ ਮੀਟਿੰਗ ਕਰਕੇ ਫ਼ੈਸਲਾ ਕੀਤਾ ਹੈ ਕਿ ਪੰਜ ਨਵੰਬਰ ਤੱਕ ਮਾਲ ਗੱਡੀਆਂ ਨੂੰ ਲਾਂਘਾ ਦਿੱਤਾ ਜਾਵੇਗਾ। ਅੰਡਾਨੀਆਂ-ਅੰਬਾਨੀਆਂ ਦੇ ਰਿਲਾਇੰਸ ਪੈਟਰੋਲ ਪੰਪ, ਮਾਲ, ਇਹਨਾਂ ਨਾਲ ਜੁੜੇ ਸਾਰੇ ਕਾਰੋਬਾਰਾਂ ਅਤੇ ਟੋਲ ਪਲਾਜ਼ਿਆਂ ’ਤੇ ਧਰਨੇ ਅਤੇ ਭਾਜਪਾ ਆਗੂਆਂ ਦੇ ਘਿਰਾਓ ਜਾਰੀ ਰਹਿਣਗੇ। ਬਹਿਰੂ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੀ ਦੇਸ਼ ਵਿਆਪਕ ਰੂਪ ਰੇਖਾ ਤਿਆਰ ਕਰਨ ਲਈ ਦੇਸ਼ ਦੀਆਂ 250 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਮੀਟਿੰਗ 27 ਅਕਤੂਬਰ ਨੂੰ ਦਿੱਲੀ ਵਿੱਚ ਬੁਲਾਈ ਗਈ ਹੈ। ਇਸ ਵਿੱਚ ਪੰਜ ਨਵੰਬਰ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਸਬੰਧੀ ਵਿਚਾਰ ਕੀਤੀ ਜਾਵੇਗੀ।