ਰਮੇਸ਼ ਭਾਰਦਵਾਜ
ਲਹਿਰਾਗਾਗਾ, 17 ਅਕਤੂਬਰ
ਇੱਥੇ ਰਿਲਾਇੰਸ ਪੰਪ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲਾਇਆ ਧਰਨਾ ਅੱਜ 380ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜਥਬੰਦੀ ਨੇ ਝੋਨੇ ਅਤੇ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਲਕੇ ਸੋਮਵਾਰ ਨੂੰ ਐੱਸਡੀਐੱਮ ਲਹਿਰਾਗਾਗਾ-ਮੂਨਕ ਦਫ਼ਤਰ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਜਰਨਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਸਿੰਘ ਗਨੋਟਾ, ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ ਤੇ ਜਸਵਿੰਦਰ ਕੌਰ ਗਾਗਾ ਨੇ ਕਿਹਾ ਕਿ ਮੂਨਕ ਵਾਲੇ ਪਾਸੇ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ’ਚ ਝੋਨੇ ਅਤੇ ਨਰਮੇ ਦੀ ਫਸਲ ਦੀ ਗਿਰਦਾਵਰੀ ਪੂਰਨ ਤੌਰ ’ਤੇ ਨਹੀਂ ਕਰਵਾਈ ਗਈ ਅਤੇ ਜੇਕਰ ਥੋੜ੍ਹੀ ਬਹੁਤ ਕਰਵਾਈ ਵੀ ਗਈ ਉਸ ਦਾ ਮੁਆਵਜ਼ਾ ਅਜੇ ਤੱਕ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੇ ਮੁਆਵਜ਼ੇ ਵਜੋਂ ਕਾਸ਼ਤਕਾਰ ਨੂੰ 60 ਹਜ਼ਾਰ ਪ੍ਰਤੀ ਏਕੜ ਅਤੇ ਚੁਗਾਈ ਦੇ ਰੁਜ਼ਗਾਰ ਮਰਨ ਵਜੋਂ ਪਰ ਮਜ਼ਦੂਰ ਪਰਿਵਾਰ ਨੂੰ 30 ਹਜ਼ਾਰ ਰੁਪਏ ਮੁਆਵਜ਼ਾ ਤੁਰੰਤ ਦਿੱਤਾ ਜਾਵੇ।
ਧੂਰੀ (ਖੇਤਰੀ ਪ੍ਰਤੀਨਿਧ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਹੇਠ 379ਵੇਂ ਦਿਨ ਵੀ ਜਾਰੀ ਰਿਹਾ।
ਆਗੂਆਂ ਨੇ ਕਿਹਾ ਕਿਹਾ ਕਿ ਸਯੁੰਕਤ ਕਿਸਾਨ ਮੋਰਚਾ ਦਿੱਲੀ ਦੇ ਬਾਰਡਰਾਂ ’ਤੇ ਆਪਣੇ ਸੁਰੱਖਿਆ ਬੰਦੋਬਸਤ ਹੋਏ ਵਧੀਆ ਕਰੇਗਾ ਤਾਂ ਜੋਂ ਕੇਂਦਰ ਸਰਕਾਰ ਮੋਰਚੇ ਨੂੰ ਕਮਜ਼ੋਰ ਕਰਨ ਲਈ ਕੋਈ ਚਾਲ ਨਾ ਚੱਲ ਸਕੇ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁੱਖਜੀਤ ਸਿੰਘ ਲੱਡਾ, ਰਾਮ ਸਿੰਘ ਤੇ ਗੁਰਮੀਤ ਕੌਰ ਬੇਨੜਾ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਸਬੰਧੀ ਮੀਟਿੰਗਾਂ
ਰਾਜਪੁਰਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ 18 ਅਕਤੂਬਰ ਦੇ ਰੇਲ ਰੋਕੋ ਅੰਦੋਲਨ ਦੀਆਂ ਤਿਆਰੀਆਂ ਮੁੰਕਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਧਰਮਪਾਲ ਸਿੰਘ ਸੀਲ, ਚਰਨਜੀਤ ਸਿੰਘ ਝੁੰਗੀਆਂ, ਹਰਜੀਤ ਸਿੰਘ ਟਹਿਲਪੁਰਾ, ਮਾਨ ਸਿੰਘ ਖੱਟੜਾ ਅਤੇ ਮਨਿੰਦਰਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਘਟਨਾ ਦੇ ਕਥਿਤ ਦੋਸ਼ ਅਜੈ ਮਿਸ਼ਰਾ ਸਣੇ ਹੋਰਨਾਂ ਖ਼ਿਲਾਫ਼ ਕਾਰਵਾਈ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਅਕਤੂਬਰ ਨੂੰ ਦਿੱਤੇ ਗਏ 6 ਘੰਟੇ ਦੇ ਰੇਲ ਰੋਕੋ ਸੱਦੇ ਦੀਆਂ ਤਿਆਰੀਆਂ ਮੁਕੰਮਲ ਹਨ। ਜਿਸ ਵਿੱਚ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਅਤੇ ਘਨੌਰ ਖੇਤਰ ਤੋਂ ਸੈਂਕੜੇ ਕਿਸਾਨ ਮਜ਼ਦੂਰ ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ’ਤੇ ਸ਼ੰਭੂ ਰੇਲਵੇ ਸਟੇਸ਼ਨ ਨੇੜੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਠੱਪ ਕਰਕੇ ਰੇਲਵੇ ਟ੍ਰੈਕ ’ਤੇ ਰੋਸ ਧਰਨਾ ਦੇਣਗੇ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਧੂਰੀ ਦੀ ਮੀਟਿੰਗ ਜਰਨੈਲ ਸਿੰਘ ਜਹਾਂਗੀਰ, ਬਲਾਕ ਪ੍ਰਧਾਨ ਅਤੇ ਪ੍ਰੀਤਮ ਸਿੰਘ ਬਾਦਸ਼ਾਹਪੁਰ ਪ੍ਰਧਾਨ ਸ਼ੇਰਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ 30 ਪਿੰਡਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਬਲਾਕ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ ਦੱਸਿਆ ਕਿ 18 ਅਕਤੂਬਰ ਨੂੰ ਸੰਗਰੂਰ ਰੇਲਵੇ ਸਟੇਸ਼ਨ ’ਤੇ 10 ਵਜੇ ਤੋਂ 4 ਵਜੇ ਤੱਕ ਰੇਲਾਂ ਰੋਕਣ ਵਾਸਤੇ ਧਰਨਾ ਦਿੱਤਾ ਜਾਵੇਗਾ।