ਰਮੇਸ਼ ਭਾਰਦਵਾਜ
ਲਹਿਰਾਗਾਗਾ,10 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਝੋਨੇ ਦਾ ਦਾਣਾ-ਦਾਣਾ ਵਿਕਣ ਤਕ ਪੂਰਨ ਪ੍ਰਬੰਧ ਨਾ ਕੀਤਾ ਤਾਂ ਜਥੇਬੰਦੀ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ। ਰਿਲਾਇੰਸ ਪੈਟਰੋਲ ਪੰਪ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨੇ ਦੇ 405ਵੇਂ ਦਿਨ ਕਿਸਾਨ ਆਗੂਆਂ ਰਾਮਚੰਦ ਸਿੰਘ ਚੋਟੀਆਂ, ਹਰਜਿੰਦਰ ਸਿੰਘ ਨੰਗਲਾ, ਹਰਪ੍ਰੀਤ ਸਿੰਘ ਲਹਿਲ ਕਲਾਂ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਜਸਵੀਰ ਕੌਰ ਲਹਿਲ ਕਲਾਂ, ਕਰਮਜੀਤ ਕੌਰ ਰਾਏਧਰਾਣਾ, ਗੁਰਮੇਲ ਕੌਰ ਗਿਦੜਿਆਣੀ ਨੇ ਕਿਹਾ ਕਿ ਪੰਜਾਬ ਵਿੱਚ ਡੀਏਪੀ ਖ਼ਾਦ ਕਰਕੇ ਕਣਕ ਦੀ ਬਿਜਾਈ ਲੇਟ ਹੋ ਰਹੀ ਹੈ। ਕਿਸਾਨ ਫ਼ਸਲ ਦੀ ਬਿਜਾਈ ਲਈ ਜ਼ਮੀਨ ਤਿਆਰ ਕਰੀ ਬੈਠੇ ਹਨ ਪਰ ਖਾਦ ਹੱਥ ’ਚ ਨਹੀਂ। ਉਨ੍ਹਾਂ ਸਰਕਾਰ ਤੋਂ ਜਲਦੀ ਡੀਏਪੀ ਖ਼ਾਦ ਦੀ ਕਿੱਲਤ ਦੂਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਅਜਿਹਾ ਨਾ ਹੋਇਆ ਤਾਂ ਉਹ ਸੰਘਰਸ਼ ਵਿੱਢਣਗੇ। ਇਸ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਜਥੇਬੰਦੀ ਨੇ ਸਰਕਾਰ ਵੱਲੋਂ ਮੰਡੀਆਂ ਬੰਦ ਕਰਨ ਦੇ ਫੁਰਮਾਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਫ਼ਸਲ ਦੀ ਖਰੀਦ 30 ਨਵੰਬਰ ਤੱਕ ਬਹਾਲ ਕੀਤੀ ਜਾਵੇ।
ਲੱਡਾ ਟੌਲ ਪਲਾਜ਼ਾ ’ਤੇ ਧਰਨਾ ਜਾਰੀ
ਧੂਰੀ (ਖੇਤਰੀ ਪ੍ਰਤੀਨਿਧ): ਖੇਤੀ ਕਾਨੂੰਨ ਰੱਦ ਕਰਵਾਉਣ ਲਈ ਧੂਰੀ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਹੇਠ 403ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕਿਹਾ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਤੋਂ ਪੂਰੀ ਤਰ੍ਹਾਂ ਬੌਖਲਾ ਗਈ ਹੈ। ਉਨ੍ਹਾਂ ਕਿਹਾ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਤੇ ਖੇਤੀ ਕਾਨੂੰਨ ਰੱਦ ਹੋਣ ਤਕ ਧਰਨੇ ਜਾਰੀ ਰਹਿਣਗੇ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁੱਖਜੀਤ ਸਿੰਘ ਲੱਡਾ, ਰਾਮ ਸਿੰਘ, ਗੁਰਮੀਤ ਕੌਰ ਬੇਨੜਾ, ਹਮੀਰ ਸਿੰਘ ਤੇ ਹੋਰ ਹਾਜ਼ਰ ਸਨ।