ਹਰਦੀਪ ਸਿੰਘ ਸੋਢੀ
ਧੂਰੀ, 18 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਧੂਰੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲੱਡਾ ਟੌਲ ਪਲਾਜ਼ਾ ਨੇੜੇ ਲਗਾਇਆ ਪੱਕਾ ਮੋਰਚਾ ਅੱਜ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਹੇਠ 230ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਉਪਰ ਕੀਤੇ ਗਏ ਜਬਰ ਤੋਂ ਸਾਬਤ ਹੋ ਗਿਆ ਕਿ ਮੋਦੀ ਸਰਕਾਰ ਕਿਸਾਨ ਸ਼ੰਘਰਸ਼ ਦੀ ਸਫ਼ਲਤਾ ਨੂੰ ਦੇਖ ਕੇ ਬੁਖਲਾਹਟ ‘ਚ ਆ ਗਈ, ਕਿਉਂਂਕਿ ਸੰਯੁਕਤ ਮੋਰਚੇ ਵੱਲੋਂ ਪਹਿਲਾਂ ਹੀ ਭਾਜਪਾ ਦੇ ਮੰਤਰੀਆਂ ਦਾ ਪਿੰਡਾਂਂ ਤੇ ਸ਼ਹਿਰਾਂ ‘ਚ ਦਾਖਲ ਹੋਣ ’ਤੇ ਵਿਰੋਧ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ 26 ਮਈ ਨੂੰ ਦਿੱਲੀ ‘ਚ ਲੱਗੇ ਕਿਸਾਨ ਮੋਰਚੇ ਨੂੰ 6 ਮਹੀਨੇ ਹੋ ਜਾਣਗੇ ਅਤੇ ਉਸ ਦਿਨ ਪੰਜਾਬ ਦੇ ਸਮੁੱਚੇ ਪਿੰਡਾਂ ਅੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਹਰਿਆਣੇ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਬਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ-ਮਜਦੂਰਾਂ ਦੀ ਹੱਕੀ ਮੰਗਾਂ ਪ੍ਰਤੀ ਉੱਠੀ ਆਵਾਜ਼ ਨੂੰ ਡੰਡੇ ਨਾਲ ਨਹੀਂ ਦਬਾਇਆ ਜਾ ਸਕਦਾ ਅਤੇ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਸ਼ੰਘਰਸ਼ ਜਾਰੀ ਰਹੇਗਾ।
ਕਿਸਾਨਾਂ ਨੇ ਕਾਲੇ ਦਿਵਸ ਸਬੰਧੀ ਤਿਆਰੀਆਂ ਵਿੱਢੀਆਂ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੂਰੇ ਦੇਸ਼ ਵਿਚ 26 ਮਈ ਨੂੰ ਕਾਲੇ ਕਾਨੂੰਨਾਂ ਖ਼ਿਲਾਫ਼ ਕਾਲਾ ਦਿਨ ਮਨਾਇਆ ਜਾਵੇਗਾ। ਇਸ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਲਦਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਸਮੇਤ ਹਰੇਕ ਵਰਗ ਨੇ ਜੇਕਰ ਪਰਿਵਾਰ ਬਚਾਉਣੇ ਹਨ ਤਾਂ ਦਿੱਲੀ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਵਿੱਚ ਭਾਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕਿਸੇ ਇੱਕ ਧਰਮ ਜਾਂ ਜਾਤ ਦਾ ਨਹੀਂ ਬਲਕਿ ਜਨ- ਜਨ ਦਾ ਅੰਦੋਲਨ ਬਣ ਚੁੱਕਿਆ ਹੈ। ਇਹ ਕਾਨੂੰਨ ਹਰੇਕ ਵਰਗ ਲਈ ਮੌਤ ਦਾ ਫੰਦਾ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਨੇ ਚੋਣਾਂ ਸਮੇਂ ਸਟੇਜਾਂ ਤੋਂ ਜੁਮਲੇ ਛੱਡਦਿਆਂ ਕਿਹਾ ਸੀ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ ਪਰ ਕਿਸਾਨ ਤਾਂ ਆਰਥਿਕ ਤੰਗੀ ਕਾਰਨ ਲਗਾਤਾਰ ਖ਼ੁਦਕੁਸ਼ੀਆਂ ਕਰ ਰਹੇ ਹਨ।