ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਨਵੰਬਰ
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ ਚੀਮਾ ਨੇ ਟੌਲ ਪਲਾਜ਼ਾ ਕਾਲਾਝਾੜ ’ਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨੇ ਵਿੱਚ ਪਹੁੰਚ ਕੇ ਕਿਸਾਨ ਪੱਖੀ ਗੀਤ ਗਾ ਕੇ ਜਿੱਥੇ ਧਰਨੇ ਵਿੱਚ ਸ਼ਾਮਲ ਕਿਸਾਨਾਂ ਨੂੰ ਹੱਲਾਸ਼ੇਰੀ ਦਿੱਤੀ, ਉੱਥੇ ਹੀ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਵੀ ਨਿਖੇਧੀ ਕੀਤੀ। ਦੋਵੇਂ ਗਾਇਕਾਂ ਨੇ ਆਪਣੇ ਕਿਸਾਨ ਪੱਖੀ ਗੀਤਾਂ ਦੀ ਝੜੀ ਲਾਉਂਦਿਆਂ ਸਰਕਾਰਾਂ ਨੂੰ ਫਿੱਟ ਲਾਹਣਤ ਪਾਈ ਕਿ ਦੇਸ਼ ਦਾ ਅੰਨਦਾਤਾ ਕਿਸਾਨ ਆਪਣੇ ਪਰਿਵਾਰਾਂ ਸਣੇ ਅੱਜ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਆਪਣੀ ਹੋਂਦ ਬਚਾਉਣ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦਾ ਕਿਸਾਨ ਖਤਮ ਹੋ ਗਿਆ ਤਾਂ ਪੰਜਾਬ ਸਣੇ ਸਮੁੱਚਾ ਦੇਸ਼ ਤਬਾਹ ਹੋ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ ਤੇ ਜਸਵੀਰ ਸਿੰਘ ਗੱਗੜਪੁਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਹੱਥਠੋਕਾ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਾਨਾਸ਼ਾਹੀ ਵਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ਸਥਿੱਤ ਟੌਲ ਪਲਾਜ਼ਾ ਮਾਝੀ ’ਚ ਧਰਨੇ ਨੂੰ ਸੰਬੋਧਨ ਕਰਦੇ ਹੋਏ ਬਲਾਕ ਦੇ ਆਗੂ ਰਣਧੀਰ ਸਿੰਘ ਭੱਟੀਵਾਲ, ਸੁਖਦੇਵ ਸਿੰਘ ਬਾਲਦ, ਅੰਗਰੇਜ ਸਿੰਘ, ਬੁੱਧ ਸਿੰਘ ਬਾਲਦ, ਹਰਭਜਨ ਸਿੰਘ ਬਖੋਪੀਰ, ਲਾਭ ਸਿੰਘ ਭੜੋ, ਨੰਦ ਸਿੰਘ ਬਲਿਆਲ, ਸੁਰਜੀਤ ਕੌਰ ਮਾਝੀ ਅਤੇ ਜਰਨੈਲ ਸਿੰਘ ਮਾਝੀ ਨੇ ਕਿਹਾ ਕਿ ਕਿਸਾਨਾਂ ਦੇ ਦ੍ਰਿੜ ਸੰਘਰਸ਼ ਸਦਕਾ ਮੋਦੀ ਸਰਕਾਰ ਪੰਜਾਬ ਦੇ ਕਿਸਾਨ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਲਈ ਮਜਬੂਰ ਹੋਈ ਹੈ ਤੇ ਇਹ ਸ਼ੰਘਰਸ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਜਾਰੀ ਰਹੇਗਾ।