ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਸਤੰਬਰ
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿੱਚ ਹੋਇਆ। ਇਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ ’ਚ ਖੇਡਾਂ ਦੀਆਂ ਸ਼ੁਰੂਆਤ ਕਰਨ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਮਨਦੀਪ ਸਿੰਘ ਸਿੱਧੂ ਸਣੇ ਹੋਰਨਾਂ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਨੇ 200 ਮੀਟਰ ਦੀ ਪ੍ਰਦਰਸ਼ਨੀ ਦੌੜ ਵਿਚ ਹਿੱਸਾ ਲਿਆ। ਇਸ ਮੌਕੇ ਪਦਮ ਸ੍ਰੀ ਐਵਾਰਡੀ ਸੁਨੀਤਾ ਰਾਣੀ, ਅਰਜੁਨਾ ਐਵਾਰਡੀ ਗੀਤਾ ਰਾਣੀ ਅਤੇ ਸਟੇਟ ਐਵਾਰਡੀ ਮਹਾਂ ਸਿੰਘ ਨੇ ਵੀ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾਅਫ਼ਜਾਈ ਕੀਤੀ।
ਸ੍ਰੀ ਅਰੋੜਾ ਨੇ ਗੁਬਾਰੇ ਛੱਡਣ ਦੀ ਰਸਮ ਅਦਾ ਕੀਤੀ ਗਈ ਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਵਿਸ਼ੇਸ਼ ਲੋਗੋ ਵੀ ਜਾਰੀ ਕੀਤਾ ਗਿਆ। ਨਾਮਵਰ ਖਿਡਾਰੀਆਂ ਨੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ ਅਤੇ ਰੋਲਰ ਸਕੇਟਿੰਗ ਦੀ ਖਿਡਾਰਨ ਨਵਨੀਤ ਕੌਰ ਨੇ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਲਗਭਗ ਦੋ ਮਹੀਨੇ ਚੱਲਣ ਵਾਲੀਆਂ ਇਹ ਖੇਡਾਂ ਬਲਾਕ ਪੱਧਰ ਦੇ ਖੇਡ ਮੁਕਾਬਲਿਆਂ ਤੋਂ ਸ਼ੁਰੂ ਹੋ ਕੇ ਜ਼ਿਲ੍ਹਾ ਤੇ ਫਿਰ ਸੂਬਾ ਪੱਧਰ ਤੱਕ ਕਰਵਾਈਆਂ ਜਾਣਗੀਆਂ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਥਾਨਕ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਤੋਂ ਸੁਨਾਮ ਊਧਮ ਸਿੰਘ ਵਾਲਾ ਤਹਿਸੀਲ ’ਚ ਬਲਾਕ ਪੱਧਰ ’ਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ’ਚੋਂ ਅਣਤਰਾਸ਼ੇ ਖੇਡ ਹੀਰਿਆਂ ਨੂੰ ਤਰਾਸ਼ਣ ਦਾ ਕੰਮ ਕਰਨਗੀਆਂ। ਇਸ ਪਲੇਟਫ਼ਾਰਮ ਸਦਕਾ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਖਿਡਾਰੀ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਉੱਦਮ ਸਦਕਾ ਹੁਣ ਜਿੱਥੇ ਨੌਜਵਾਨਾਂ ਦੀ ਤਾਕਤ ਨੂੰ ਸਹੀ ਦਿਸ਼ਾ ਵੱਲ ਮੋੜਨ ’ਚ ਮਦਦ ਮਿਲੇਗੀ, ਉੱਥੇ ਹੀ ਪੰਜਾਬੀਆਂ ਨੂੰ ਚੰਗੀ ਸਿਹਤ ਪ੍ਰਤੀ ਵੀ ਜਾਗਰੂਕ ਕੀਤਾ ਜਾ ਸਕੇਗਾ। ਇਸ ਮੌਕੇ ਮੰਤਰੀ ਅਰੋੜਾ ਨੇ ਅਧਿਕਾਰੀਆਂ ਤੇ ਹਾਜ਼ਰ ਪ੍ਰਮੁੱਖ ਸ਼ਖ਼ਸ਼ੀਅਤਾਂ ਨਾਲ ਪ੍ਰਦਰਸ਼ਨੀ ਦੌੜ ’ਚ ਵੀ ਹਿੱਸਾ ਲਿਆ। ਇਸ ਮੌਕੇ ਐਸਡੀਐਮ ਜਸਪ੍ਰੀਤ ਸਿੰਘ ਸਣੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਸਰਕਾਰ ਪੰਜਾਬ ਨੂੰ ਖੇਡਾਂ ਮੋਹਰੀ ਬਣਾਉਣ ਲਈ ਯਤਨਸ਼ੀਲ: ਰਹਿਮਾਨ
ਸੰਦੌੜ (ਮੁਕੰਦ ਸਿੰਘ ਚੀਮਾ): ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਰਸਮੀ ਸ਼ੁਰੂਆਤ ਮੌਕੇ ਸਰਕਾਰੀ ਹਾਈ ਸਕੂਲ ਖੁਰਦ ਦੇ ਖੇਡ ਮੈਦਾਨ ਵਿੱਚ ਵੱਡੀ ਗਿਣਤੀ ਖਿਡਾਰੀ ਪਹੁੰਚੇ ਹੋਏ ਸਨ। ਹਲਕਾ ਵਿਧਾਇਕ ਡਾ. ਜ਼ਮੀਲ ਉਰ ਰਹਿਮਾਨ ਨੇ ਗੁਬਾਰੇ ਛੱਡ ਕੇ ਖੇਡਾਂ ਦੀ ਸ਼ੁਰੂਆਤ ਕੀਤੀ। ਪਹਿਲੇ ਦਿਨ ਵੱਖ ਵੱਖ ਸਕੂਲਾਂ, ਕਾਲਜਾਂ ਦੇ ਖਿਡਾਰੀਆਂ ਨੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲਿਆਂ ਵਿਚ ਹਿੱਸਾ ਲਿਆ। ਜ਼ਿਲ੍ਹਾ ਖੇਡ ਅਫ਼ਸਰ ਮੁਹੰਮਦ ਹਬੀਬ ਨੇ ਦੱਸਿਆ ਕਿ ਕਰੀਬ 5300 ਖਿਡਾਰੀਆਂ ਤੇ ਟੀਮਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ। ਵਿਧਾਇਕ ਨੇ ਕਿਹਾ ਕਿ ਸਰਕਾਰ ਸੂਬੇ ਨੂੰ ਖੇਡਾਂ ਵਿਚ ਮੁੜ ਤੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਯਤਨ ਜਾਰੀ ਰੱਖੇਗੀ।