ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 5 ਅਗਸਤ
ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨੇੜਲੇ ਪਿੰਡ ਰਾਣਵਾਂ ਦੇ ਕੁਝ ਕਿਸਾਨਾਂ ਦੀ ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਪ੍ਰਭਾਵਿਤ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਪੱਕਾ ਮੋਰਚਾ ਅੱਜ ਨੌਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾਈ ਆਗੂ ਰੂਪ ਸਿੰਘ ਛੰਨਾ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਅਮਰੀਕ ਸਿੰਘ ਗੰਡੂਆਂ ਵਿਸ਼ੇਸ਼ ਤੌਰ ’ਤੇ ਪੁੱਜੇ।
ਇਸ ਮੌਕੇ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਉਪਜਾਊ ਜ਼ਮੀਨਾਂ ਕੌਡੀਆਂ ਦੇ ਭਾਅ ਖ਼ਰੀਦ ਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ। ਸਮੇਂ ਦੀਆਂ ਕੇਂਦਰ ਤੇ ਸੂਬਾਈ ਸਰਕਾਰਾਂ ਦੀ ਗ਼ਲਤ ਨੀਤੀਆਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਉਜਾੜੇ ਦਾ ਕਾਰਨ ਬਣ ਰਹੀਆਂ ਹਨ। ਸਰਕਾਰਾਂ ਦੀਆਂ ਨੀਤੀਆਂ ਕਾਰਨ ਵਹੀਯੋਗ ਜ਼ਮੀਨ ਘਟ ਰਹੀ ਹੈ। ਇਸ ਕਾਰਨ ਕਿਸਾਨ ਅਤੇ ਖੇਤੀ ਮਜ਼ਦੂਰ ਸਿੱਧੇ ਅਤੇ ਹੋਰ ਵਰਗ ਅਸਿੱਧੇ ਰੂਪ ਵਿੱਚ ਪ੍ਰਭਾਵਿਤ ਹੋ ਰਹੇ ਹਨ। ਕੇਂਦਰ ਤੇ ਸੂਬਾਈ ਸਰਕਾਰਾਂ ਕੋਈ ਵੀ ਪ੍ਰਾਜੈਕਟ ਲਿਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਮਸ਼ਵਰਾ ਕਰਨ ਨੂੰ ਜ਼ਰੂਰੀ ਨਹੀਂ ਸਮਝਦੀਆਂ। ਇਨ੍ਹਾਂ ਪ੍ਰਾਜੈਕਟਾਂ ਨਾਲ ਸਿੱਧੇ ਤੌਰ ’ਤੇ ਉਜਾੜਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਤੇ ਸੂਬਾ ਸਰਕਾਰਾਂ ਨੂੰ ਕਿਸੇ ਵੀ ਪ੍ਰਾਜੈਕਟ ਦੀ ਰੂਪ-ਰੇਖਾ ਤਿਆਰ ਕਰਨ ਮੌਕੇ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮਸ਼ਵਰਾ ਕਰਨਾ ਚਾਹੀਦਾ ਹੈ। ਕੋਈ ਵੀ ਪ੍ਰਾਜੈਕਟ ਤਿਆਰ ਕਰਨ ਸਮੇਂ ਧਿਆਨ ਵਿੱਚ ਰੱਖਿਆ ਜਾਵੇ ਕਿ ਕਿਸਾਨਾਂ ਦਾ ਘੱਟ ਤੋਂ ਘੱਟ ਉਜਾੜਾ ਹੋਵੇ ਤੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।
ਧਰਨੇ ਨੂੰ ਇਸ ਮੌਕੇ ਕੇਵਲ ਸਿੰਘ ਭੜੀ, ਚਰਨਜੀਤ ਸਿੰਘ ਹਥਨ, ਦਰਸ਼ਨ ਸਿੰਘ ਹਥੋਆ, ਸਰਬਜੀਤ ਸਿੰਘ ਭੁਰਥਲਾ, ਨਿਰਮਲ ਸਿੰਘ ਅਲੀਪੁਰ, ਰਜਿੰਦਰ ਸਿੰਘ ਭੋਗੀਵਾਲ, ਅਮਰਜੀਤ ਸਿੰਘ, ਸਤਿਨਾਮ ਸਿੰਘ, ਰਵਿੰਦਰ ਸਿੰਘ ਬਿੰਦਰ ਆਦਿ ਵੀ ਹਾਜ਼ਰ ਸਨ।