ਬੀਰਬਲ ਰਿਸ਼ੀ
ਧੂਰੀ/ਸ਼ੇਰਪੁਰ, 12 ਜੂਨ
ਪੰਜਾਬ ਦੇ ਮੁੱਖ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਨੌਵੇਂ ਤੇ ਦਸਵੇਂ ਗੁਰੂ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ਰਖਵਾਏ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪੈਣ ਮੌਕੇ ਲੋਕ ਸਭਾ ਹਲਕਾ ਸੰਗਰੂਰ ਦੀ ਵੱਕਾਰੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਵੱਡੀ ਲੀਡ ਨਾਲ ਹੋਈ ਜਿੱਤ ਲਈ ਗੁਰੂ ਦਾ ਸ਼ੁਕਰਾਨਾ ਕੀਤਾ। ਇਸ ਤੋਂ ਪਹਿਲਾਂ ਉਹ ਪ੍ਰਾਚੀਨ ਸ਼ਿਵ ਮੰਦਰ ਰਣੀਕੇ ਵਿੱਚ ਵੀ ਨਤਮਸਤਕ ਹੋਏ। ਇਸ ਮੌਕੇ ਬਲਾਕ ਪੰਚਾਇਤ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਸੁਲਤਾਨਪੁਰ ਦੀ ਅਗਵਾਈ ਹੇਠ ਇਤਿਹਾਸਕ ਨਗਰ ਮੂਲੋਵਾਲ ਨੂੰ ਸਬ-ਤਹਿਸੀਲ ਬਣਾਏ ਜਾਣ ਦੀ ਮੰਗ ਰੱਖੀ। ਬਲਾਕ ਪੰਚਾਇਤ ਯੂਨੀਅਨ ਦੇ ਸਾਬਕਾ ਪ੍ਰਧਾਨ ਸਰਬਜੀਤ ਸਿੰਘ ਅਲਾਲ ਨੇ ਗੰਨਾ ਮਿੱਲ ਨੂੰ ਮੁੜ ਚਾਲੂ ਕਰਵਾਉਣ ਦੀ ਮੰਗ ਕੀਤੀ।