ਨਿਜੀ ਪੱਤਰ ਪ੍ਰੇਰਕ
ਸੰਗਰੂਰ, 16 ਜੁਲਾਈ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਸਿਹਤ ਵਿਭਾਗ ਦੇ ਅਧਿਕਾਰੀਆਂ, ਗੈਰ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਕੈਮਿਸਟ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਹੜ੍ਹਾਂ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਸਰਕਾਰ ਦੇ ਪੱਧਰ ’ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਵਿਸਤ੍ਰਿਤ ਮੀਟਿੰਗ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਰਾਜ ਦੇ ਵੱਖ ਵੱਖ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਦਾ ਦੌਰਾ ਕਰਕੇ ਫੀਡਬੈਕ ਲੈ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਹੜ੍ਹ ਪੀੜਤਾਂ ਨੂੰ ਮਦਦ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਸਭ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਜੇਕਰ ਕਿਸੇ ਵੀ ਤਰ੍ਹਾਂ ਦੀ ਵੈਕਟਰ ਅਤੇ ਵਾਟਰ ਬੋਰਨ ਡਿਜੀਜ਼ ਪੈਦਾ ਹੁੰਦੀ ਹੈ ਤਾਂ ਉਸ ਨੂੰ ਮੁਢਲੇ ਪੜਾਅ ’ਤੇ ਹੀ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਮੁਸਤੈਦੀ ਨਾਲ ਕਾਰਜਸ਼ੀਲ ਹਨ। ਸਿਹਤ ਮੰਤਰੀ ਨੇ ਕਿਹਾ ਕਿ 24 ਘੰਟੇ ਮੈਡੀਕਲ ਸਟਾਫ਼ ਤੇ ਮੈਡੀਕਲ ਸੇਵਾਵਾਂ ਉਪਲਬਧ ਹਨ ਅਤੇ ਲੋੜ ਮੁਤਾਬਕ ਐਂਬੂਲੈਂਸਾਂ ਦਾ ਵੀ ਪ੍ਰਬੰਧ ਹੈ। ਸਿਹਤ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਖੁਦ ਸਮੂਹ ਟੀਮਾਂ ਦੀ ਸਰਗਰਮ ਅਗਵਾਈ ਕਰ ਰਹੇ ਹਨ।