ਸੰਗਰੂਰ: ਪੰਜਾਬ ਦੇ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਮੰਨਣ ਤੋਂ ਮੌਜੂਦਾ ਸੂਬਾ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਟਾਲਾ ਵਟ ਰਹੀ ਹੈ, ਜਿਸ ਦੇ ਰੋਸ ਵਜੋਂ ਪੰਜਾਬ ਅਤੇ ਯੂ.ਟੀ.ਮੁਲਾਜ਼ਮ/ਪੈਨਸ਼ਨਰ ਦੇ ਸਾਂਝੇ ਫਰੰਟ ਵੱਲੋਂ 27 ਤੋਂ 31 ਜਨਵਰੀ ਤੱਕ ਸਾਰੇ ਵਿਧਾਇਕਾਂ/ਮੰਤਰੀਆਂ ਦੇ ਘਰਾਂ ਤਕ ਰੋਸ ਮਾਰਚ ਕਰਕੇ ਮੰਗ ਪੱਤਰ ਦਿੱਤੇ ਜਾਣਗੇ ਅਤੇ 12 ਫ਼ਰਵਰੀ ਨੂੰ ਮੁਹਾਲੀ ਵਿੱਚ ਮਹਾਂ ਰੈਲੀ ਉਪਰੰਤ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਟੀਪਰਪਜ਼ ਹੈਲਥ ਐਂਪਲਾਈਜ਼ ਮੇਲ ਫ਼ੀਮੇਲ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਜਨਰਲ ਸਕੱਤਰ ਜਗਤਾਰ ਜਜੀਰਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਇਨ੍ਹਾਂ ਸੰਘਰਸ਼ਾਂ ਵਿਚ ਸ਼ਮੂਲੀਅਤ ਕਰੇਗੀ | ਇਸ ਦੌਰਾਨ ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਇਸ ਸਾਂਝੇ ਸੰਘਰਸ਼ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ|
-ਪੱਤਰ ਪ੍ਰੇਰਕ