ਗੁਰਦੀਪ ਸਿੰਘ ਲਾਲੀ/ਬੀਰਇੰਦਰ ਸਿੰਘ ਬਨਭੌਰੀ
ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ, 9 ਅਗਸਤ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਲ 1942 ਦੌਰਾਨ ‘ਭਾਰਤ ਛੱਡੋ ਅੰਦੋਲਨ’ ਵਿਚ ਹਿੱਸਾ ਲੈਣ ਵਾਲੇ ਪ੍ਰੇਮ ਬੱਲਵ ਪੁੱਤਰ ਮੋਤੀ ਰਾਮ ਵਾਸੀ ਇੰਦਰਾ ਬਸਤੀ ਸੰਗਰੂਰ ਅਤੇ ਗੁਰਦੇਵ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਸੁਨਾਮ ਊਧਮ ਸਿੰਘ ਵਾਲਾ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਾਸ਼ਟਰਪਤੀ ਵੱਲੋਂ ਪ੍ਰਾਪਤ ਹੋਈਆਂ ਸੁਭਕਾਮਨਾਵਾਂ ਸਣੇ ਸਨਮਾਨ ਨਿਸ਼ਾਨੀਆਂ ਨਾਲ ਭਾਰਤ ਛੱਡੋ ਅੰਦੋਲਨ ’ਚ ਹਿੱਸਾ ਲੈਣ ਵਾਲੇ ਜ਼ਿਲ੍ਹਾ ਸੰਗਰੂਰ ਦੇ ਦੋਵੇਂ ਸਤਿਕਾਰਯੋਗ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਗਿਆ ਹੈ।
ਸ੍ਰੀ ਧਾਲੀਵਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਬੱਲਵ ਅਤੇ ਸ੍ਰੀ ਗੁਰਦੇਵ ਸਿੰਘ ਨਾਲ ਮੁਲਾਕਾਤ ਦੌਰਾਨ ਦੋਵੇਂ ਦੇਸ਼ ਭਗਤਾਂ ਨੇ 1942 ਸਮੇਂ ਦੇ ਆਪਣੇ ਅਨੁਭਵ ਸਾਂਝੇ ਕੀਤੇ।
ਇਸ ਮੌਕੇ ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਪੰਜਾਬ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਰਾਸ਼ਟਰਪਤੀ ਵਲੋਂ ਭੇਜਿਆ ਸਨਮਾਨ ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਨੇ ਲੈਣ ਤੋਂ ਮਨ੍ਹਾਂ ਕਰ ਦਿੱਤਾ ਸੀ ਤੇ ਕਿਹਾ ਕਿ 72 ਸਾਲਾਂ ਦੌਰਾਨ ਸਰਕਾਰ ਨੂੰ ਉਨ੍ਹਾਂ ਦੀ ਯਾਦ ਕਿਉਂ ਨਾ ਆਈ। ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਨੇ ਕਿਹਾ ਕਿ ਉਸ ਦਾ ਮਨ ਇਹ ਸਨਮਾਨ ਲੈਣ ਨੂੰ ਨਹੀਂ ਕਰਦਾ ਪਰ ਉਹ ਘਰ ਆਏ ਅਧਿਕਾਰੀਆਂ ਦਾ ਮਾਣ ਰੱਖ ਰਹੇ ਹਨ।
ਉਨ੍ਹਾਂ ਐਲਾਨ ਕੀਤਾ ਕਿ ਜਥੇਬੰਦੀ ਵਲੋਂ 10 ਅਗਸਤ ਤੋਂ ਸੁਨਾਮ ਊਧਮ ਸਿੰਘ ਵਾਲਾ ਵਿਚ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਮਰਨ ਤੋਂ ਬਾਅਦ ਹੀ ਨੌਕਰੀ ਦੇਣ ਦੀ ਪਿਰਤ ਪਾਉਂਦੀ ਹੈ ਤਾਂ ਉਹ ਵੀ ਇਸ ਪਿਰਤ ਦਾ ਹਿੱਸਾ ਬਣਨ ਲਈ ਤਿਆਰ ਹਨ।