ਰਾਜਿੰਦਰ ਜੈਦਕਾ
ਅਮਰਗੜ੍ਹ, 1 ਜੁਲਾਈ
ਟੌਲ ਪਲਾਜ਼ਾ ਮਾਹੋਰਾਣਾ ਵਿਖੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਏ ਧਰਨੇ ਦੇ 266ਵੇਂ ਦਿਨ ਦੀ ਸ਼ੁਰੂਆਤ ਔਰਤਾਂ ਨੇ ਮੋਦੀ ਖਿਲਾਫ ਕੀਰਨੇ ਪਾ ਕੇ ਕੀਤੀ।
ਕਿਸਾਨ ਆਗੂ ਗੁਰਲੀਨ ਕੌਰ ਲਾਂਗੜੀਆਂ, ਰਾਜਵੀਰ ਕੌਰ, ਕੁਲਵੀਰ ਕੌਰ ਬਨਭੌਰਾ ਆਦਿ ਨੇ ਕਿਹਾ ਕਿ ਔਰਤਾਂ ਦਾ ਕਿਸਾਨੀ ਸੰਘਰਸ਼ ਵਿੱਚ ਵੱਡਾ ਯੋਗਦਾਨ ਹੈ, ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ ਉਹ ਉਦੋਂ ਤੱਕ ਕਿਸਾਨਾਂ ਨਾਲ ਹਰ ਸੰਘਰਸ਼ ਵਿੱਚ ਡਟੀਆਂ ਰਹਿਣਗੀਆਂ। ਗਿਆਨੀ ਹਰਦੇਵ ਸਿੰਘ ਸਲਾਰ ਨੇ ਦਿੱਲੀ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਜ਼ਿਕਰ ਕੀਤਾ। ਕਿਸਾਨ ਆਗੂ ਨਰਿੰਦਰਜੀਤ ਸਿੰਘ ਸਲਾਰ ਤੇ ਕਰਮਜੀਤ ਸਿੰਘ ਬਨਭੌਰਾ ਆਦਿ ਨੇ ਚੰਡੀਗੜ੍ਹ ਪੁਲੀਸ ਵੱਲੋਂ ਕਿਸਾਨਾਂ ’ਤੇ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ।
ਧੂਰੀ (ਹਰਦੀਪ ਸਿੰਘ ਸੋਢੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਧਰਨਾ 273ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਗਾਜ਼ੀਪੁਰ ਕਿਸਾਨਾਂ ਦੇ ਧਰਨੇ ਨੂੰ ਖਦੇੜਨ ਲਈ ਚਾਲਾਂ ਚੱਲ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਭਾਜਪਾ ਦੀ ਹਰ ਚਾਲ ਦਾ ਮੂੰਹ ਤੋੜਵਾਂ ਜਵਾਬ ਦੇਣਗੀਆਂ। ਉਨ੍ਹਾਂ ਕਿਹਾ ਕਿ 2 ਜੁਲਾਈ ਨੂੰ ਸੰਗਰੂਰ ਦੇ ਡੀਸੀ ਦਫ਼ਤਰ ਅੱਗੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਖਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।
ਮੋਦੀ ਸਰਕਾਰ ’ਤੇ ਧਰਨਿਆਂ ਖ਼ਿਲਾਫ਼ ਸਾਜ਼ਿਸ਼ਾਂ ਦਾ ਦੋਸ਼
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ 273ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਮੌਕੇ ਮਹਿਲਾ ਕਿਸਾਨ ਆਗੂ ਗੁਰਮੀਤ ਕੌਰ ਡਸਕਾ, ਜਸਵਿੰਦਰ ਕੌਰ ਗਾਗਾ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਸਾਰ ਲੈਣ ਦੀ ਬਜਾਏ ਕਿਸਾਨੀ ਸੰਘਰਸ਼ ਨੂੰ ਤੋੜਨ, ਮਹਿੰਗਾਈ ਵਧਾ ਕੇ ਲੋਕਾਂ ਦਾ ਜੀਣਾ ਹਰਾਮ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੀ ਹੈ। ਪਰ ਕਿਸਾਨ ਸ਼ਾਂਤਮਈ ਢੰਗ ਨਾਲ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹਨ।