ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਸਤੰਬਰ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਦਿਆਂ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਸਿੱਖਿਆ ਵਿੱਚ ਵੱਡੇ ਸੁਧਾਰ ਲਿਆਉਣ ਲਈ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਦੇ ਜ਼ਿਲ੍ਹਾ ਕਨਵੀਨਰਾਂ ਦੇਵੀ ਦਿਆਲ, ਗੁਰਸੇਵਕ ਸਿੰਘ ਕਲੇਰ, ਅਵਤਾਰ ਸਿੰਘ ਢਢੋਗਲ, ਵਰਿੰਦਰਜੀਤ ਸਿੰਘ ਬਜਾਜ ਅਤੇ ਨਿਰਮਲ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਵੱਡੇ ਬਦਲਾਅ ਦਾ ਨਾਅਰਾ ਦੇ ਕੇ ਹੋਂਦ ਵਿਚ ਆਈ ਸੀ ਪਰ ਸਰਕਾਰ ਨੇ ਆਪਣੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਰਕਾਰਾਂ ਨੂੰ ਵੀ ਮਾਤ ਦੇ ਦਿੱਤੀ ਹੈ। ‘ਆਪ’ ਸਰਕਾਰ ਦੇ ਪਹਿਲੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੋਰਚੇ ਦੀਆਂ ਕਈ ਮੀਟਿੰਗਾਂ ਦਾ ਦੌਰ ਚੱਲ ਚੁੱਕਾ ਹੈ ਪ੍ਰੰਤੂ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ।
ਆਗੂਆਂ ਨੇ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਮਰਜ਼ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਲਿਸਟ ਮੋਰਚੇ ਦੇ ਸੁਝਾਵਾਂ ਅਨੁਸਾਰ ਜਾਰੀ ਕਰਵਾਉਣ ਤੇ ਪੁਰਾਣੀਆਂ ਬਦਲੀਆਂ ਲਾਗੂ ਕਰਾਉਣ, ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ ਕਰਨ ਆਦਿ ਮੰਗਾਂ ਨੂੰ ਹੱਲ ਕਰਵਾਉਣ ਤੱਕ ਸਾਂਝਾ ਅਧਿਆਪਕ ਮੋਰਚਾ ਆਰਾਮ ਨਾਲ ਨਹੀਂ ਬੈਠੇਗਾ ਸਗੋਂ ਸੰਘਰਸ਼ ਨੂੰ ਹੋਰ ਤਿੱਖਾ ਕਰੇਗਾ। ਜ਼ਿਲ੍ਹਾ ਕਨਵੀਨਰਾਂ ਨੇ ਦਾਅਵਾ ਕੀਤਾ ਕਿ ਅੱਜ ਅਧਿਆਪਕ ਦਿਵਸ ਮੌਕੇ ਪਿੰਡ ਬਖੋਰਾ ਕਲਾ, ਬੇਨੜਾ, ਹਥਨ, ਲੌਂਗੋਵਾਲ, ਕੜੈਲ, ਸਾਰੋਂ, ਭਲਵਾਨ, ਬੱਲਰਾਂ, ਮੂਲੋਵਾਲ, ਲਹਿਲ ਕਲਾਂ, ਸ਼ੇਰੋਂ, ਜਖੇਪਲ, ਭੂਟਾਲ ਖੁਰਦ, ਰਾਮਪੁਰ ਗਨੇਟਾ, ਸਾਹੋਕੇ, ਢੱਡਰੀਆਂ, ਪੁੰਨਾਂਵਾਲ ਤੇ ਹਸਨਪੁਰ ਸਕੂਲਾਂ ਵਿੱਚ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ।