ਗੁਰਦੀਪ ਸਿੰਘ ਲਾਲੀ
ਸੰਗਰੂਰ, 31 ਮਾਰਚ
ਯੂਥ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਵਲੋਂ ਦੇਸ਼ ਵਿੱਚ ਵਧ ਰਹੀਆਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਖ਼ਿਲਾਫ਼ ਇਥੇ ਨਿਵੇਕਲੇ ਢੰਗ ਨਾਲ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ। ਯੂਥ ਇੰਟਕ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਦਿੱਲੀ-ਲੁਧਿਆਣਾ ਹਾਈਵੇਅ ’ਤੇ ਗੈਸ ਸਿਲੰਡਰ ਦੇ ਹਾਰ ਪਾ ਕੇ ਮੋਦੀ ਸਰਕਾਰ ’ਤੇ ਤੰਜ ਕਸਦਿਆਂ ਰੋਸ ਵਿਖਾਵਾ ਕੀਤਾ ਗਿਆ ਅਤੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਯੂਥ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਸੰਗਰੂਰ ਵਲੋਂ ਸੱਤਪਾਲ ਧਾਲੀਵਾਲ ਪ੍ਰਧਾਨ ਇੰਟਕ ਅਤੇ ਯੂਥ ਇੰਟਕ ਸੰਗਰੂਰ ਦੇ ਪ੍ਰਧਾਨ ਦਵਿੰਦਰ ਧਾਲੀਵਾਲ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੇ ਅੱਛੇ ਦਿਨ ਤਾਂ ਕੀ ਲਿਆਉਣੇ ਸੀ, ਸਗੋਂ ਮਹਿੰਗਾਈ ਨੇ ਮਾੜੇ ਦਿਨ ਲਿਆ ਦਿੱਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੂੰ ਸਿਰਫ਼ ਕਾਰਪੋਰੇਟ ਘਰਾਣਿਆਂ ਦੀ ਚਿੰਤਾ ਹੈ ਕਿ ਉਨ੍ਹਾਂ ਨੂੰ ਕਿਵੇਂ ਫਾਇਦਾ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਦਾ ਦਰਦ ਸਮਝਣ ਅਤੇ ਮਹਿੰਗਾਈ ਨੂੰ ਨੱਥ ਪਾਉਣ। ਇਸ ਮੌਕੇ ਬੰਤ ਸਿੰਘ, ਜੰਗ ਸਿੰਘ, ਚਰਨਜੀਤ ਸਿੰਘ, ਪਰਮਜੀਤ ਸਿੰਘ, ਸੋਹਣ ਸਿੰਘ, ਗਿਆਨ ਚੰਦ ਆਦਿ ਮੌਜੂਦ ਸਨ।
ਕਾਂਗਰਸੀਆਂ ਵੱਲੋਂ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਵਿਰੁੱਧ ਸ਼ੁਤਰਾਣਾ ਦੇ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹਿਰ ਦੇ ਭਗਤ ਸਿੰਘ ਚੌਕ ’ਚ ਰੋਸ ਪ੍ਰਦਰਸ਼ਨ ਕਰਦਿਆ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਦਰਬਾਰਾ ਸਿੰਘ, ਪ੍ਰੇਮ ਚੰਦ ਗੁਪਤਾ ਤੇ ਰਣਜੀਤ ਅਰੋੜਾ ਬਿੱਲਾ ਨੇ ਕਿਹਾ ਕਿ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ’ਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਆਦਮੀ ’ਤੇ ਵਧ ਰਹੀਆਂ ਕੀਮਤਾਂ ਦਾ ਸਭ ਤੋਂ ਵਧ ਅਸਰ ਪੈ ਰਿਹਾ ਹੈ, ਜਦੋਂਕਿ ਕਾਂਗਰਸ ਸਰਕਾਰ ਵੱਲੋਂ ਪਿਛਲੇ ਸਮੇਂ ’ਚ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਵਧਾਏ ਰੇਟਾ ਤੋਂ ਰਾਹਤ ਦਿੰਦੇ ਹੋਏ ਰੇਟਾਂ ’ਚ ਕਟੌਤੀ ਕਰਕੇ ਵੱਡੀ ਰਾਹਤ ਦਿੱਤੀ ਸੀ ਪਰ ਅੱਜ ਪੈਟਰੋਲ 100 ਤੋਂ ਪਾਰ ਹੋ ਚੁੱਕਿਆ ਹੈ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਰੋਜ਼ਾਨਾ ਕੀਤੇ ਜਾ ਰਹੇ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੇ ਵਾਧੇ ਵਾਪਸ ਲਏ ਜਾਣ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਵਧ ਰਹੇ ਰੇਟਾਂ ਵੱਲ ਧਿਆਨ ਦੇਣ ਤਾਂ ਜੋ ਆਮ ਆਦਮੀ ਨੂੰ ਕੁਝ ਰਾਹਤ ਮਿਲ ਸਕੇ।