ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਅਪਰੈਲ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਜਨਗਣਨਾ ਸਬੰਧੀ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜਨਗਣਨਾ ਸਬੰਧੀ ਜ਼ਰੂਰੀ ਤਿਆਰੀਆਂ ਸਮੇਂ ਸਿਰ ਕੀਤੀਆਂ ਜਾਣ ਤਾਂ ਜੋ ਜਨਗਣਨਾ ਦਾ ਕੰਮ ਸ਼ੁਰੂ ਹੋਣ ਸਮੇਂ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਨਗਣਨਾ ਤਹਿਤ ਇਕੱਠੇ ਕੀਤੇ ਗਏ ਅੰਕੜਿਆਂ ਦੇ ਆਧਾਰ ’ਤੇ ਹੀ ਨਵੀਂ ਨੀਤੀਆਂ ਅਤੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਵਾਰਡਾਂ, ਮੁਹੱਲਿਆਂ, ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਆਦਿ ਹਰ ਖੇਤਰ ਨੂੰ ਜਨਗਣਨਾ ਦੇ ਘੇਰੇ ਵਿਚ ਲਿਆਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਸਾਰੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਜਨਗਣਨਾ ਦੇ ਕਾਰਜ ਲਈ ਨੋਡਲ ਅਧਿਕਾਰੀ ਤਾਇਨਾਤ ਕਰਨ ਦੀ ਹਦਾਇਤ ਵੀ ਕੀਤੀ ਹੈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰੁਨ ਸ਼ਰਮਾ, ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸਡੀਐੱਮ ਧੂਰੀ ਇਸਮਤ ਵਿਜੈ ਸਿੰਘ ਆਦਿ ਹਾਜ਼ਰ ਸਨ।