ਰਮੇਸ਼ ਭਾਰਦਵਾਜ
ਲਹਿਰਾਗਾਗਾ, 24 ਅਗਸਤ
ਇਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ ਅੱਜ ਲਗਾਤਾਰ 328ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜਥੇਬੰਦੀ ਵੱਲੋਂ 25 ਅਗਸਤ ਨੂੰ ਪਾਵਰਕੌਮ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ। ਜਥੇਬੰਦੀ ਦੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਨੇ ਕਿਹਾ ਕਿ ਪਿੰਡ ਗੰਢੂਆਂ ਅਤੇ ਗਾਗਾ ਦੇ ਦਿਹਾਤੀ ਟਰਾਂਸਫਾਰਮਰਾਂ ਦੇ ਲਗਾਉਣ ਸਬੰਧੀ ਬਲਾਕ ਆਗੂਆਂ ਵਲੋਂ ਅਧਿਕਾਰੀ ਨਾਲ ਕਈ ਦਿਨਾਂ ਤੋਂ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਸੀ ਪਰ ਮਸਲਾ ਹੱਲ ਨਹੀਂ ਹੋਇਆ ਜਿਸ ਕਾਰਨ 25 ਅਗਸਤ ਨੂੰ ਪਾਵਰਕੌਮ ਲਹਿਰਾਗਾਗਾ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ ਚੰਗਾਲੀਵਾਲਾ ਜ਼ਲ੍ਹਿਾ ਆਗੂ, ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ , ਹਰਜਿੰਦਰ ਸਿੰਘ ਨੰਗਲਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਜਸ਼ਨਦੀਪ ਕੋਰ ਪਸ਼ੌਰ , ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ, ਪਰਮਜੀਤ ਕੌਰ ਪਸ਼ੌਰ ਨੇ ਵੀ ਸੰਬੋਧਨ ਕਰਦੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਹਰ ਹੀਲੇ ਜਾਰੀ ਰਹੇਗਾ।