ਨਿਜੀ ਪੱਤਰ ਪ੍ਰੇਰਕ
ਸੰਗਰੂਰ, 4 ਸਤੰਬਰ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਪੰਜਾਬ ਸਰਕਾਰ ਤੋਂ ਲੰਪੀ ਸਕਿਨ ਬਿਮਾਰੀ ਨਾਲ ਪਸ਼ੂ ਗੁਆਉਣ ਵਾਲੇ ਕਿਸਾਨਾਂ ਨੂੰ ਇੱਕ ਲੱਖ ਰੁਪਏ ਮੁਆਵਜ਼ਾ ਅਤੇ ਝੋਨੇ ਦੀ ਖਰੀਦ 25 ਸਤੰਬਰ ਤੋਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਇਥੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਵੱਖ-ਵੱਖ ਆਗੂਆਂ ਨੇ ਕਿਸਾਨ ਮੁੱਦਿਆਂ ’ਤੇ ਵਿਚਾਰ ਰੱਖੇ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੰਪੀ ਸਕਿਨ ਬਿਮਾਰੀ ਨਾਲ ਆਪਣੇ ਪਸ਼ੂ ਗੁਆਉਣ ਵਾਲੇ ਕਿਸਾਨਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਕਿਸਾਨ ਮੁਆਵਜ਼ਾ ਦਿੱਤਾ ਜਾਵੇ। ਇਸਤੋਂ ਇਲਾਵਾ ਮਿਲਾਵਟੀ ਦੁੱਧ ਦੇ ਚੱਲ ਰਹੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਮਿਲਾਵਟੀ ਦੁੱਧ ਬਣਾਉਣ ਅਤੇ ਵੇਚਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਕਿਉਂਕਿ ਇਸ ਨਾਲ ਮਨੁੱਖੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਮੀਟਿੰਗ ’ਚ ਯੂਨੀਅਨ ਦੇ ਸੂਬਾ ਸਕੱਤਰ ਮਲਕੀਤ ਸਿੰਘ ਲਖਮੀਰਵਾਲਾ ਤੇ ਬਲਵਿੰਦਰ ਸਿੰਘ ਬਡਰੁੱਖਾਂ, ਕਸ਼ਮੀਰ ਸਿੰਘ ਘਰਾਚੋਂ ਤੇ ਰੋਹੀ ਸਿੰਘ ਮੰਗਵਾਲ ਜ਼ਿਲ੍ਹਾ ਮੀਤ ਪ੍ਰਧਾਨ, ਦਰਬਾਰਾ ਸਿੰਘ ਨਾਗਰਾ ਬਲਾਕ ਪ੍ਰਧਾਨ ਭਵਾਨੀਗੜ੍ਹ, ਜਰਨੈਲ ਸਿੰਘ ਜਹਾਂਗੀਰ ਬਲਾਕ ਧੂਰੀ, ਜਸਵੰਤ ਸਿੰਘ ਬਿਗੜਵਾਲ ਆਦਿ ਮੌਜੂਦ ਸਨ।