ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਅਪਰੈਲ
ਕਰੀਬ ਨੌਂ ਦਿਨ ਪਹਿਲਾਂ ਮਹਿਲਾਂ ਚੌਂਕ ਵਿੱਚ ਬੱਸ ਦੀ ਲਪੇਟ ਵਿੱਚ ਆ ਕੇ ਸਕੂਲੀ ਵਿਦਿਆਰਥਣ ਦੀ ਹੋਈ ਮੌਤ ਅਤੇ ਤਿੰਨ ਵਿਦਿਆਰਥਣਾਂ ਦੇ ਜ਼ਖ਼ਮੀ ਹੋਣ ਸਬੰਧੀ ਹਾਦਸੇ ’ਚ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਬਣੀ ਮਹਿਲਾ ਚੌਕ ਐਕਸੀਡੈਂਟ ਕਾਂਡ ਵਿਰੋਧੀ ਐਕਸ਼ਨ ਕਮੇਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ। ਇਸ ਮੀਟਿੰਗ ਵਿੱਚ ਐੱਸ.ਡੀ.ਐੱਮ. ਸੁਨਾਮ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਵੀ ਮੌਜੂਦ ਸਨ।
ਐਕਸ਼ਨ ਕਮੇਟੀ ਦੇ ਵਫ਼ਦ ’ਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਧਰਮਪਾਲ ਸਿੰਘ, ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਹਰਜੀਤ ਸਿੰਘ, ਭਾਕਿਯੂ ਸਿੱਧੂਪੁਰ ਦੇ ਆਗੂ ਮਦਨ ਸਿੰਘ ਅਤੇ ਮ੍ਰਿਤਕ ਵਿਦਿਆਰਥਣ ਦੇ ਪਿਤਾ ਜੀਵਨ ਸਿੰਘ ਮੌਜੂਦ ਸਨ। ਮੀਟਿੰਗ ਮਗਰੋਂ ਐਕਸ਼ਨ ਕਮੇਟੀ ਦੇ ਵਫ਼ਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਲੋਂ ਮੰਗ ਕੀਤੀ ਕਿ ਸੜਕ ਹਾਦਸੇ ’ਚ ਮਾਰੀ ਗਈ ਵਿਦਿਆਰਥਣ ਦੇ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, 15 ਲੱਖ ਰੁਪਏ ਮੁਆਵਜ਼ਾ, ਜ਼ਖ਼ਮੀਆਂ ਲਈ ਮੁਫ਼ਤ ਇਲਾਜ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਫਲਾਈਓਵਰ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਮੀਟਿੰਗ ਬੇਸਿੱਟਾ ਰਹੀ ਜਿਸ ਵਿੱਚ ਮੰਗਾਂ ਸਬੰਧੀ ਕੋਈ ਫੈਸਲਾ ਨਹੀਂ ਹੋ ਸਕਿਆ। ਮੰਗਾਂ ਨਾ ਮੰਨੇ ਜਾਣ ਤੋਂ ਖਫ਼ਾ ਐਕਸ਼ਨ ਕਮੇਟੀ ਵਲੋਂ ਐਲਾਨ ਕੀਤਾ ਹੈ ਕਿ ਭਲਕੇ 27 ਅਪਰੈਲ ਨੂੰ ਮ੍ਰਿਤਕ ਵਿਦਿਆਰਥਣ ਦੇ ਭੋਗ ਤੇ ਅੰਤਿਮ ਅਰਦਾਸ ਮਗਰੋਂ ਸੰਗਰੂਰ-ਪਾਤੜਾਂ ਹਾਈਵੇਅ ਉਪਰ ਮਹਿਲਾਂ ਚੌਕ ਵਿੱਚ ਅਣਮਿਥੇ ਸਮੇਂ ਲਈ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਭਲਕੇ 27 ਅਪਰੈਲ ਦੇ ਚੱਕਾ ਜਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਵਫ਼ਦ ਨੇ ਦੱਸਿਆ ਕਿ ਆਵਾਜਾਈ ਠੱਪ ਕਰਨ ਦੌਰਾਨ ਐੱਸਡੀਐੱਮ ਸੁਨਾਮ ਵੱਲੋਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ ਸੀ। ਇਸ ਭਰੋਸੇ ਤਹਿਤ ਹੀ ਐੱਸਡੀਐੱਮ ਵੱਲੋਂ ਅੱਜ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਨਿਸ਼ਚਿਤ ਕਰਵਾਈ ਸੀ।