ਸੰਗਰੂਰ (ਗੁਰਦੀਪ ਸਿੰਘ ਲਾਲੀ): ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਮਹੀਨਿਆਂ ਦੇ ਸੁਚੱਜੇ ਸ਼ਾਸਨ ਦੌਰਾਨ ਕੀਤੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਸੰਗਰੂਰ ਸੀਟ ’ਤੇ ਫਿਰ ਤੋਂ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਇਹ ਉਪ ਚੋਣ ਮੁੱਖ ਮੰਤਰੀ ਮਾਨ ਦੀ ਸਰਕਾਰ ਵੱਲੋਂ ਪਿਛਲੇ ਤਿੰਨ ਮਹੀਨਿਆਂ ਵਿੱਚ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਫ਼ੈਸਲਿਆਂ ਸਮੇਤ ਭਗਵੰਤ ਮਾਨ ਵੱਲੋਂ ਸੰਗਰੂਰ ਤੋਂ ਦੋ ਵਾਰ ਸੰਸਦ ਮੈਂਬਰ ਬਣਨ ਦੇ ਆਧਾਰ ’ਤੇ ਲੜ ਰਹੀ ਹੈ। ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਸੰਸਦ ਮੈਂਬਰ ਵਜੋਂ ਭਗਵੰਤ ਮਾਨ ਨੇ ਸੰਸਦ ਵਿੱਚ ਨਾ ਸਿਰਫ ਸੰਗਰੂਰ ਬਲਕਿ ਪੂਰੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਬਾਰੀਕੀ ਨਾਲ ਪੇਸ਼ ਕੀਤਾ ਅਤੇ ਹੁਣ ਉਹ ਮੁੱਖ ਮੰਤਰੀ ਬਣ ਕੇ ਪੰਜਾਬ ਦੀ ਕਾਇਆ ਕਲਪ ਕਰ ਰਹੇ ਹਨ। ਕੰਗ ਨੇ ਕਿਹਾ ਕਿ ਸੀ.ਐਮ ਮਾਨ ਦੀ ਗਤੀਸ਼ੀਲ ਅਗਵਾਈ ’ਚ ‘ਆਪ’ ਸਰਕਾਰ ਨੇ ਸਿਰਫ ਤਿੰਨ ਮਹੀਨਿਆਂ ’ਚ ਅਜਿਹੇ ਕਦਮ ਚੁੱਕੇ ਹਨ, ਜੋ ਪਿਛਲੀਆਂ ਸਰਕਾਰਾਂ ਦਹਾਕਿਆਂ ’ਚ ਵੀ ਨਹੀਂ ਕਰ ਸਕੀਆਂ। ਕੰਗ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ‘ਆਪ’ ਸਰਕਾਰ ਨੇ ਟਿਊਬਵੈੱਲਾਂ ਦੇ ਲੋਡ ਵਧਾਉਣ ਦੀ ਫੀਸ ‘ਚ ਕਟੌਤੀ ਕਰਨ ਦਾ ਫ਼ੈਸਲਾ ਕੀਤਾ। ਮੂੰਗੀ ਦੀ ਖਰੀਦ ਲਈ 66.56 ਕਰੋੜ ਰੁਪਏ ਜਾਰੀ ਕੀਤੇ , ਪੰਜਾਬ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਕੀਤੀਆਂ, ਦਿੱਲੀ ਮਾਡਲ ਦੀ ਤਰਜ ’ਤੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਇੱਕ-ਇੱਕ ਨਵਾਂ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਖੋਲ੍ਹਣ ਸਮੇਤ ਹੋਰ ਲੋਕ ਪੱਖੀ ਫੈਸਲੇ ਲਏ।
ਪੰਚਾਇਤ ਮੰਤਰੀ ਧਾਲੀਵਾਲ ਵੱਲੋਂ ਘਰਾਚੋਂ ਦੇ ਹੱਕ ’ਚ ਚੋਣ ਰੈਲੀਆਂ
ਸ਼ੇਰਪੁਰ (ਬੀਰਬਲ ਰਿਸ਼ੀ): ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਲੇਰਾਂ, ਹਸ਼ਨਪੁਰ, ਸੁਲਤਾਨਪੁਰ ਸਮੇਤ ਅੱਧੀ ਦਰਜਨ ਪਿੰਡਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਪਿੰਡ ਹਸਨਪੁਰ ਵਿਖੇ ਚੋਣ ਮੀਟਿੰਗ ਦੌਰਾਨ ਪਿੰਡ ਦੇ ਸਰਪੰਚ ਗੁਰਦੀਪ ਸਿੰਘ ਸੁਲਤਾਨਪੁਰ ਨੇ ਪਿੰਡ ਦੇ ਟੋਭਿਆਂ ਸਮੇਤ ਕੁਝ ਹੋਰ ਸਮੱਸਿਆਵਾਂ ਦੱਸੀਆਂ, ਫੌਜੀ ਜਗਜੀਤ ਸਿੰਘ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਉਠਾਇਆ ਜਦੋਂ ਕਿ ਸਾਬਕਾ ਸਰਪੰਚ ਜਗਤਾਰ ਸਿੰਘ ਨੇ ਅਪਣੱਤ ਭਰੇ ਲਹਿਜ਼ੇ ’ਚ ‘ਆਪ’ ਵਰਕਰਾਂ ਦੀ ਪੁੱਛ ਪ੍ਰਤੀਤ ਕੀਤੀ।