ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ, 30 ਮਈ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ ਆਪਣੇ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਜਿਕ ਸੁਧਾਰਕ ਕਾਰਜਾਂ ਅਧੀਨ ਇੱਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਮਾਰਚ ਕੀਤਾ ਗਿਆ। ਕੌਮਾਂਤਰੀ ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਮਾਰਚ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੁੱਜ ਕੇ ਸਮਾਪਤ ਹੋਇਆ। ਮਾਰਚ ਨੂੰ ਹਰੀ ਝੰਡੀ ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸੀਪਲ ਨੇ ਦਿਖਾਈ ਸੀ ਜਦਕਿ ਮਾਰਚ ਦੀ ਅਗਵਾਈ ਸਟੱਡੀ ਸਰਕਲ ਦੇ ਡਿਪਟੀ ਚੀਫ਼ ਆਰਗੇਨਾਈਜ਼ਰ ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿੱਦਕੀ, ਗੁਰਜੰਟ ਸਿੰਘ ਰਾਹੀ ਜ਼ੋਨ ਪ੍ਰਧਾਨ, ਅਜਮੇਰ ਸਿੰਘ, ਗੁਰਮੇਲ ਸਿੰਘ ਤੇ ਹਰਵਿੰਦਰ ਕੌਰ ਨੇ ਕੀਤੀ। ਇਸ ਮੌਕੇ ਸਟੱਡੀ ਸਰਕਲ ਵੱਲੋਂ ਡਿਪਟੀ ਕਮਿਸ਼ਨਰ ਦੇ ਨਾਂ ਇੱਕ ਮੰਗ ਪੱਤਰ ਜੀਏਟੂ ਡੀਸੀ ਦੇਵਦਰਸ਼ਦੀਪ ਸਿੰਘ ਨੂੰ ਸੌਂਪਿਆ ਗਿਆ। ਮੰਗ ਪੱਤਰ ਵਿੱਚ ਸੁਪਰੀਮ ਕੋਰਟ ਵੱਲੋਂ 2003 ਵਿੱਚ ਪਾਸ ਕੀਤੇ ਕਾਨੂੰਨ ਅਨੁਸਾਰ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾ, ਵਿਦਿਅਕ ਅਦਾਰਿਆਂ ਤੇ ਧਾਰਮਿਕ ਸਥਾਨਾਂ ਦੇ 100 ਗੱਜ ਅੰਦਰ ਤੰਬਾਕੂ ਦੇ ਖੋਖੇ ਲਗਾਉਣੇ, ਸਿਗਰਟ ਤੇ ਤੰਬਾਕੂ ਦੀ ਇਸ਼ਤਿਹਾਰਬਾਜ਼ੀ ਕਰਨੀ ਕਾਨੂੰਨੀ ਉਲੰਘਣਾ ਹੈ, ਨੂੰ ਸ਼ਖਤੀ ਨਾਲ ਅਮਲੀ ਜਾਮਾ ਪਹਿਨਾਉਣ ਦੀ ਮੰਗ ਕੀਤੀ ਗਈ। ਮਾਰਚ ਵਿਚ ਕਰੀਬ ਤਿੰਨ ਸੌ ਵਿਦਿਆਰਥੀਆਂ ਨੇ ਭਾਗ ਲਿਆ। ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਤੰਬਾਕੂ ਸੇਵਨ ਅਤੇ ਵੱਖ ਵੱਖ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਦੱਸਿਆ ਅਤੇ ਸਟੱਡੀ ਸਰਕਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।