ਨਿਜੀ ਪੱਤਰ ਪ੍ਰੇਰਕ
ਸੰਗਰੂਰ, 4 ਜਨਵਰੀ
ਮਜ਼ਦੂਰਾਂ ਦੀਆਂ ਭਖ਼ਦੀਆਂ ਮੰਗਾਂ ਨੂੰ ਲੈ ਕੇ ਅੱਜ ‘ਹਾਮੀ ਮਜ਼ਦੂਰਾਂ ਦੇ’ ਨਾਮਕ ਸੰਸਥਾ ਵੱਲੋਂ ਅੱਜ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਅਤੇ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ। ਮਜ਼ਦੂਰ ਆਗੂਆਂ ਨੇ ਐਲਾਨ ਕਰ ਦਿੱਤਾ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਵਾਲੀਆਂ ਰਾਜਸੀ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਤੇ ਇਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਸਰਪ੍ਰਸਤ ਚਮਨਦੀਪ ਸਿੰਘ ਮਿਲਖੀ ਨੇ ਕਿਹਾ ਕਿ ਅੱਜ ਮਜ਼ਦੂਰਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੋ ਚੁੱਕੀ ਹੈ ਕਿ ਇਨਾਂ ਮਜ਼ਦੂਰਾਂ ਦੀ ਹਾਲਤ ਸੁਧਾਰਨ ਲਈ ਕੁਝ ਵੀ ਨਹੀਂ ਕੀਤਾ ਸਗੋਂ ਹਰ ਵਾਰ ਵੋਟਾਂ ਵਿੱਚ ਮਜ਼ਦੂਰਾਂ ਨੂੰ ਆਪੋ ਆਪਣੇ ਮਨੋਰਥ ਲਈ ਵਰਤਿਆ ਗਿਆ। ਉਨਾਂ ਕਿਹਾ ਕਿ ਮਾੜੇ ਸਿਸਟਮ ਕਾਰਨ ਅੱਜ ਗਰੀਬ ਵਰਗ ਹੋਰ ਗਰੀਬ ਹੋ ਰਿਹਾ ਹੈ ਜਦੋਂ ਕਿ ਅਮੀਰ ਹੋਰ ਅਮੀਰ ਹੋ ਰਿਹਾ ਹੈ। ਉਨਾਂ ਕਿਹਾ ਕਿ ਹੁਣ ਮਜ਼ਦੂਰ ਵਰਗ ਜਾਗ ਚੁੱਕਿਆ ਹੈ ਅਤੇ ਆਪਣੀਆਂ ਮੰਗਾਂ ਦੇ ਲਈ ਮੈਦਾਨ ਵਿੱਚ ਨਿੱਤਰ ਗਏ। ਉਨਾਂ ਕਿਹਾ ਕਿ ਜਦੋਂ ਤੱਕ ਮਜ਼ਦੂਰਾਂ ਦੀਆਂ ਬੁਨਿਆਦੀ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਇਸੇ ਤਰਾਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਹਰ ਵਾਰ ਲਾਲਚ ਦੇ ਕੇ ਮਜ਼ਦੂਰਾਂ ਦੀਆਂ ਵੋਟਾਂ ਹਾਸਲ ਕਰਨ ਵਾਲੀਆਂ ਰਾਜਸੀ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਆਉਣ ਸਮੇਂ ਸਵਾਲ ਕੀਤੇ ਜਾਣਗੇ ਅਤੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਕਰਕੇ ਉਨਾਂ ਦਾ ਵਿਰੋਧ ਕੀਤਾ ਜਾਵੇਗਾ।