ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 29 ਅਗਸਤ
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਨੇ ਕੋਲਕਾਤਾ ਦੇ ਇੱਕ ਸਰਕਾਰੀ ਹਸਪਤਾਲ ਦੀ ਡਾਕਟਰ ਨਾਲ ਵਾਪਰੇ ਦੁਖਾਂਤ ਦੇ ਰੋਸ ’ਚ ਸਥਾਨਕ ਦਾਣਾ ਮੰਡੀ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ। ਇੱਥੇ ਪੁੱਜ ਕੇ ਐਸੋਸੀਏਸ਼ਨ ਨੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਰਾਹੀਂ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ ਨੇ ਕਿਹਾ ਕਿ ਮਹਿਲਾ ਡਾਕਟਰ ਨਾਲ ਵਾਪਰੇ ਅਣਮਨੁੱਖੀ ਕਾਂਡ ਦੀ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੇ ਮੌਜੂਦਾ ਢਾਂਚੇ ਅੰਦਰ ਔਰਤਾਂ ਸੁਰੱਖਿਅਤ ਨਹੀਂ। ਦੇਸ਼ ਅੰਦਰ ਔਰਤਾਂ ਨਾਲ ਹੁੰਦੇ ਦੁਰਵਿਹਾਰ ਕਾਰਨ ਔਰਤਾਂ ਕੰਮਕਾਜੀ ਥਾਵਾਂ ’ਤੇ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੀਆਂ ਹਨ। ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਤੇ ਐਸੋਸੀਏਸ਼ਨ ਦੀ ਧੂਰੀ ਇਕਾਈ ਦੇ ਪ੍ਰਧਾਨ ਡਾ. ਅਨਵਰ ਭਸੌੜ ਨੇ ਕਿਹਾ ਕਿ ਉਕਤ ਕਾਂਡ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ।