ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 18 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਨੇੜਲੇ ਪਿੰਡ ਚੱਠਾ ਨਨਹੇੜਾ ਵਿੱਚ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿੱਚ ਹੋਈ। ਮੀਟਿੰਗ ਵਿੱਚ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਗਰਮੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਕਿਸਾਨਾਂ ਲਈ ਜ਼ਰੂਰੀ ਪ੍ਰਬੰਧ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਰਣ ਸਿੰਘ ਚੱਠਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਰਚ ਮਹੀਨੇ ਦੇ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਬੀਕੇਯੂ ਏਕਤਾ ਸਿੱਧੂਪੁਰ ਪੰਜਾਬ ਦੀਆਂ ਹੋਰਨਾਂ 30 ਜਥੇਬੰਦੀਆਂ ਨਾਲ ਮਿਲ ਕੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਪੁੱਟਣ ਲਈ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਸੰਗਰੂਰ ਦੇ ਰੇਲਵੇ ਸਟੇਸਨ ’ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 26 ਮਾਰਚ ਨੂੰ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਸੰਯੁੁਕਤ ਮੋਰਚੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰਾ ਭਾਰਤ ਬੰਦ ਕੀਤਾ ਜਾਵੇਗਾ। ਮੀਟਿੰਗ ਨੂੰ ਬਲਾਕ ਪ੍ਰਧਾਨ ਹਰੀ ਸਿੰਘ ਚੱਠਾ, ਪਿਆਰਾ ਸਿੰਘ ਭੰਗੂ, ਸੁਖਚੈਨ ਸਿੰਘ ਸ਼ਾਦੀਹਰੀ, ਗੁਰਦੀਪ ਸਿੰਘ ਹਰੀਗੜ੍ਹ ਨੇ ਵੀ ਸੰਬੋਧਨ ਕੀਤਾ।