ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਮਈ
ਫਰੀਡਮ ਫਾਇਟਰ ਉਤਰਾਅਧਿਕਾਰੀ ਜਥੇਬੰਦੀ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਹਿੰਮਤ ਸਿੰਘ ਧਰਮਸ਼ਾਲਾ ਵਿੱਚ ਹੋਈ। ਮੀਟਿੰਗ ਵਿੱਚ ਜ਼ਿਲ੍ਹਿਆਂ ਦੇ ਪ੍ਰਧਾਨ, ਸਕੱਤਰ ਅਤੇ ਸਟੇਟ ਕਮੇਟੀ ਦੇ ਅਹੁਦੇਦਾਰ ਸ਼ਾਮਲ ਹੋਏ। ਇਸ ਮੌਕੇ ਜਥੇਬੰਦੀ ਦੇ ਫ਼ੈਸਲੇ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਸੂਬਾ ਸਕੱਤਰ ਮੇਜਰ ਸਿੰਘ ਬਰਨਾਲਾ, ਜਸਵਿੰਦਰ ਸਿੰਘ ਫਤਿਹਗੜ੍ਹ ਸਾਹਿਬ, ਚਤਿੰਨ ਸਿੰਘ ਮਾਨਸਾ, ਨਿਰਭੈ ਸਿੰਘ ਬਠਿੰਡਾ ਅਤੇ ਭੁਪਿੰਦਰ ਸਿੰਘ ਖਾਲਸਾ ਸਮਾਣਾ ਨੂੰ ਸ਼ਾਮਲ ਕੀਤਾ ਹੈ।
ਸੂਬਾਈ ਪ੍ਰਧਾਨ ਖਾਲਸਾ ਨੇ ਪਟਿਆਲਾ ਵਾਲੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਦੇਸ਼ ਭਗਤਾਂ ਦੇ ਪਰਿਵਾਰਾਂ ਦੀ ਸਾਰ ਨਹੀਂ ਲਈ ਅਤੇ ਅੱਜ ਵੀ ਪਰਨਾਲਾ ਉੱਥੇ ਦਾ ਉੱਥੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ 300 ਯੂਨਿਟ ਬਿਜਲੀ ਮੁਆਫ਼ੀ ਵਿਚ ਇੱਕ ਕਿਲੋਵਾਟ ਵਾਲੀ ਸ਼ਰਤ ਸਾਨੂੰ ਮਨਜ਼ੂਰ ਨਹੀਂ ਹੈ। ਜੇਕਰ ਸਰਕਾਰ ਫਰੀਡਮ ਫਾਈਟਰ ਪਰਿਵਾਰਾਂ ਨੂੰ ਕੋਈ ਸਹੂਲਤ ਦੇਣਾ ਚਾਹੁੰਦੀ ਹੈ ਤਾਂ ਬਿਨਾਂ ਸ਼ਰਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਮੰਗਾਂ ਲਈ ਜਲਦੀ ਹੀ ਮੁੱਖ ਮੰਤਰੀ ਨਾਲ ਮੀਟਿੰਗ ਕਰਾਂਗੇ।