ਨਿੱਜੀ ਪੱਤਰ ਪ੍ਰੇਰਕ
ਧੂਰੀ, 10 ਦਸੰਬਰ
ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਬਲਾਕ ਧੂਰੀ ਵੱਲੋਂ ਕਕੜਵਾਲ ਚੌਕ ਵਿੱਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਮੁਜਹਾਰਾ ਕੀਤਾ ਤੇ ਕੁਝ ਸਮੇਂ ਲਈ ਟਰੈਫਿਕ ਜਾਮ ਕੀਤੀ ਗਈ। ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਮਿੱਡ-ਡੇਅ ਮੀਲ ਵਰਕਰ ਬਲਾਕ ਪ੍ਰਧਾਨ ਚਰਨਜੀਤ ਕੌਰ ਈਸੜਾ ਦੀ ਅਗਵਾਈ ’ਚ ਰਾਮ ਬਾਗ ਵਿੱਚ ਇੱਕਠੀਆਂ ਹੋਈਆਂ। ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬੀਬੀ ਜਸਮੇਲ ਕੌਰ ਬੀਰ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਧਨਾਢਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਕੇਂਦਰ ਸਰਕਾਰ ਦਾ ਮੁੱਖ ਮਕਸਦ ਕਿਰਤੀਆਂ, ਕਿਸਾਨਾਂ ਤੇ ਮੁਲਾਜ਼ਮਾਂ ਦਾ ਖੂਨ ਨਚੋੜ ਕੇ ਧਨਾਢ ਵਰਗ ਨੂੰ ਲਾਭ ਪਹੁੰਚਾਉਣਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਜਥੇਬੰਦੀ ਵੱਲੋਂ ਕਿਸਾਨੀ ਸੰਘਰਸ਼ ਦੀ ਪੂਰਨ ਹਿਮਾਇਤ ਕਰਦਿਆਂ ਕਿਹਾ ਕਿ ਦੇਸ਼ ਦੇ ਕਿਸਾਨੀ ਸੰਘਰਸ਼ ਦੱਬੇ-ਕੁਚਲੇ ਵਰਗਾਂ ਲਈ ਰਾਹ ਦਸੇਰਾ ਬਣੇਗਾ। ਇਸ ਸੰਘਰਸ਼ ਦੀ ਜਿੱਤ ਇਤਿਹਾਸ ਦੇ ਸੁਨਹਿਰੀ ਅੱਖਰਾਂ ’ਚ ਲਿਖੀ ਜਾਵੇਗੀ। ਬੀਬੀ ਬੀਰ ਕਲਾਂ ਨੇ ਕਿਹਾ ਕਿ ਪੰਜਾਬ ਦੀਆਂ ਮਿੱਡ-ਡੇਅ ਮੀਲ ਵਰਕਰਾਂ ਨੂੰ ਘੱਟ ਉਜਰਤਾਂ ’ਤੇ ਕੰਮ ਕਰਨਾ ਪੈ ਰਿਹਾ ਹੈ। ਇਨ੍ਹਾਂ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ ਤੇ ਹੋਰ ਮੰਗਾਂ ਦਾ ਹੱਲ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਨੇ ਜਥੇਬੰਦੀ ਨਾਲ ਵਾਅਦਾ ਕੀਤਾ ਸੀ ਪਰ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਵਫ਼ਾ ਨਹੀਂ ਹੋਇਆ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀਆਂ ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਸੰਘਰਸ਼ ਦਾ ਵਿਗਲ ਵਜਾਇਆ ਜਾਵੇਗਾ।