ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਅਕਤੂਬਰ
ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਸਰਕਾਰੀ ਰਣਬੀਰ ਕਾਲਜ ਵਿੱਚ ਮੋਗਾ ਰੀਗਲ ਸਿਨੇਮਾ ਗੋਲੀ ਕਾਂਡ ਦੀ 7 ਅਕਤੂਬਰ ਨੂੰ ਮਨਾਈ ਜਾ ਰਹੀ 50ਵੀਂ ਵਰ੍ਹੇਗੰਢ ਸਬੰਧੀ ਵਿਦਿਆਰਥੀਆਂ ਨੂੰ ਲਾਮਬੰਦ ਕਰਨ ਲਈ ਰੈਲੀ ਕੀਤੀ ਗਈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਕੌਰ ਜੱਸੂ ਕਾਲਜ ਪ੍ਰਧਾਨ ਸੁਖਵਿੰਦਰ ਕੌਰ ਮਾਨ ਨੇ ਕਿਹਾ ਕਿ 5 ਤੇ 7 ਅਕਤੂਬਰ 1972 ਨੂੰ ਮੁਜ਼ਾਹਰਾ ਕਰ ਰਹੇ ਵਿਦਿਆਰਥੀਆ ਉੱਪਰ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ, ਜਿਸ ਵਿੱਚ ਮੁਜ਼ਾਹਰਾ ਕਰ ਰਹੇ ਵਿਦਿਆਰਥੀਆ ਵਿੱਚੋਂ ਕੁੱਝ ਸਾਥੀ ਸ਼ਹੀਦ ਹੋ ਗਏ ਸਨ। ਜਿਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 50ਵੀਂ ਵਰ੍ਹੇਗੰਢ ਰੀਗਲ ਸਿਨੇਮਾ ਵਿੱਚ ਮਨਾਈ ਜਾ ਰਹੀ ਹੈ, ਜਿਸ ਵਿੱਚ ਰੀਗਲ ਸਿਨੇਮਾ ਦੇ ਗੋਲੀਕਾਂਡ ਦੀ ਯਾਦਗਾਰ ਨੂੰ ਵਿਰਾਸਤੀ ਦਰਜਾ ਦੇਣਾ, ਨਵੀਨੀਕਰਨ, ਸਿੱਖਿਆ ਨੀਤੀ ਰੱਦ ਕਰਨ ਆਦਿ ਮੰਗਾਂ ਰੱਖੀਆਂ ਗਈਆਂ ਹਨ। ਇਸ ਮੌਕੇ ਵਿਦਿਆਰਥੀਆਂ ਨੂੰ 7 ਅਕਤੂਬਰ ਨੂੰ ਮੋਗਾ ਪੁੱਜਣ ਦਾ ਸੱਦਾ ਦਿੱਤਾ ਗਿਆ।