ਰਮੇਸ਼ ਭਾਰਦਵਾਜ
ਲਹਿਰਾਗਾਗਾ, 17 ਮਾਰਚ
ਇਥੇ ਰਿਲਾਇੰਸ ਪੰਪ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ’ਚ 168ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਮੌਕੇ ਜਥੇਬੰਦੀ ਦੇ ਆਗੂ ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਜਗਦੀਪ ਸਿੰਘ ਲਹਿਲ ਖੁਰਦ, ਬਹਾਦਰ ਸਿੰਘ ਭੁਟਾਲ ਖੁਰਦ, ਬਲਵਿੰਦਰ ਸਿੰਘ ਮਨਿਆਣਾ,ਰਾਮ ਸਿੰਘ ਨੰਗਲਾ, ਕਰਮਜੀਤ ਕੌਰ ਭੁਟਾਲ ਕਲਾ, ਜਸਵਿੰਦਰ ਕੌਰ ਗਾਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਜੋਕਾਂ ਤੋਂ ਬੱਚਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰਾਂ ਤੋਂ ‘ਨਾ ਝਾਕ ਕਰੋ ਆਪਣੀ ਰਾਖੀ ਆਪ ਕਰੋ’ ਦਾ ਸੱਦਾ ਦਿੰਦੇ ਹੋਏ ਅਸਮਾਨ ਗੁੰਜਾਊ ਨਾਅਰੇ ਲਗਵਾਏ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਸਿਆਸੀ ਪਾਰਟੀਆਂ ਨੇ ਲੋਕਾਂ ਨਾਲ ਵੱਡੇ ਵੱਡੇ ਵਅਦੇ ਕਰਕੇ ਕੁਰਸੀਆਂ ਮੱਲੀਆਂ ਤੇ ਕਿਰਤੀਆਂ ਦਾ ਖੂਨ ਨਿਚੋੜਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਘੋੜੇ ਦੀ ਰਫ਼ਤਾਰ ਵਾਂਗ ਵਧ ਰਹੀ ਮਹਿੰਗਾਈ ਤੇ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਲੁੱਟ ਕੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ’ਚ ਵਿੱਚ ਦੇਣ ਦੀਆਂ ਜ਼ਿੰਮੇਵਾਰ ਮੌਕੇ ਦੀ ਹਕੂਮਤ ਤੇ ਪਿਛਲੀਆਂ ਸਰਕਾਰਾਂ ਹਨ।
ਉਨ੍ਹਾਂ ਦੱਸਿਆ ਕਿ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਭਾਰਤ ਦੇ ਲੋਕਾਂ ਦੀ ਜਾਇਦਾਦ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਘੁਣ ਵਾਂਗ ਖਾਣ ’ਤੇ ਲੱਗੀ ਹੋਈ ਹੈ ਤੇ ਦੇਸ਼ ਦੀ ਕਰੋੜਾਂ ਅਵਾਮ ਨੂੰ ਘਰੋਂ ਬੇਘਰ ਕਰਕੇ ਗੁਲਾਮ ਬਣਾ ਕੇ ਰੱਖਣਾ ਚਾਹੁੰਦੀ ਹੈ। ਜੁਮਲੇਬਾਜ਼ ਸਿਆਸੀ ਪਾਰਟੀਆਂ ਤੋਂ ਹੱਥ ਛੁਡਾ ਆਪਣੇ ਹੱਕਾਂ ਲਈ ਸੰਘਰਸ਼ ਦੇ ਰਾਹ ਤੁਰੇ ਪੰਜਾਬ ਦੇ ਲੋਕਾਂ ਨੂੰ ਦੁਬਾਰਾ ਆਪਣੀਆ ਲੁੰਬੜਚਾਲਾਂ ਤੇ ਮਿਰਗ ਤ੍ਰਿਸ਼ਨਾ ਰੂਪੀ ਵਾਅਦੇ ’ਚ ਫਸਾ ਸ਼ਾਸਨ ’ਤੇ ਬੈਠਣਾ ਚਾਹੁੰਦੇ ਹਨ। ਉਨ੍ਹਾਂ ਕਿਰਤੀ ਲੋਕਾਂ ਨੂੰ ਸੰਘਰਸ਼ਾਂ ਦੇ ਰਾਹ ਪੈਣ ਦੀ ਅਪੀਲ ਕੀਤੀ ਤੇ ਆਪਣੀ ਰਾਖੀ ਆਪ ਕਰਨ ਲਈ ਪ੍ਰੇਰਿਆ। ਜਥੇਬੰਦੀ ਨੇ ਨੌਜਵਾਨਾਂ ਨੂੰ 21 ਮਾਰਚ ਨੂੰ ਸੁਨਾਮ ’ਚ ਹੋਣ ਵਾਲੀ ਨੌਜਵਾਨ ਕਾਨਫਰੰਸ ’ਚ ਪਹੁੰਚਣ ਦਾ ਸੱਦਾ ਦਿੱਤਾ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਟੌਲ ਪਲਾਜ਼ਾ ਕਾਲਾਝਾੜ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ 167 ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਇਸ ਮੌਕੇ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਘਰਾਚੋਂ ਅਤੇ ਟੇਕ ਸਿੰਘ ਚੰਨੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਸੰਘਰਸ਼ ਹੁਣ ਸਮੁੱਚੇ ਦੇਸ਼ ਵਿੱਚ ਫੈਲ ਗਿਆ ਹੈ ਅਤੇ ਦਿੱਲੀ ਮੋਰਚਾ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਜਾਰੀ ਰਹੇਗਾ। ਬੁਲਾਰਿਆਂ ਨੇ 21 ਮਾਰਚ ਨੂੰ ਸੁਨਾਮ ਵਿਖੇ ਹੋਣ ਵਾਲੀ ਨੌਜਵਾਨ ਕਾਨਫਰੰਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।
ਧੂਰੀ (ਹਰਦੀਪ ਸਿੰਘ ਸੋਢੀ) ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਪਾਲ ਸਿੰਘ ਪੇਧਨੀ, ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 168 ਵੇਂ ਦਿਨ ਵੀ ਜਾਰੀ ਰਿਹਾ। ਅੱਜ ਵੀ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ 21 ਮਾਰਚ ਨੂੰ ਸੁਨਾਮ ਵਿੱਚ ਹੋਣ ਵਾਲੀ ਕਿਸਾਨ ਰੈਲੀ ਨੂੰ ਸਫਲ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਮਜ਼ਦੂਰਾਂ, ਕਿਸਾਨਾਂ ਤੇ ਹੋਰ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਕੀਤੀ ਮਹਿੰਗਾਈ ਕਾਰਨ ਹਰ ਵਰਗ ਵਿੱਚ ਹਾਹਾਕਾਰ ਮੱਚੀ ਹੋਈ ਹੈ, ਆਮ ਆਦਮੀ ਦਾ ਜਿਊਣਾ ਦੁੱਭਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ 22 ਮਾਰਚ ਨੂੰ ਨੌਜਵਾਨਾਂ ਦਾ ਕਾਫ਼ਲਾ ਖਨੌਰੀ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਵੇਗਾ ਤੇ 26 ਮਾਰਚ ਨੂੰ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਹਰ ਹੀਲਾ ਵਰਤਿਆ ਜਾਵੇਗਾ।
ਆਪਣਾ ਅੜੀਅਲ ਵਤੀਰਾ ਤਿਆਗੇ ਮੋਦੀ ਸਰਕਾਰ: ਸੁਰਜੀਤ ਫੂਲ
ਪਟਿਆਲਾ: (ਸਰਬਜੀਤ ਸਿੰਘ ਭੰਗੂ) ‘ਸੰਯੁਕਤ ਕਿਸਾਨ ਮੋਰਚੇ’ ਵੱਲੋਂ ਕਿਰਸਾਨੀ ਸੰਘਰਸ ਦੇ ਘੇਰੇ ਨੂੰ ਹੋਰ ਵਧੇਰੇ ਵਿਸ਼ਾਲ ਕਰਨ ਲਈ 23 ਮਾਰਚ ਨੂੰ ‘ਸ਼ਹੀਦ ਦਿਵਸ’ ਮਨਾਉਣ ਅਤੇ 26 ਮਾਰਚ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਧਰੇੜੀ ਜੱਟਾਂ ਟੌਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਦੀ ਅਗਵਾਈ ਹੇਠਾਂ ਤਿਆਰੀ ਮੀਟਿੰਗ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਜਿਥੇ ਮੋਰਚੇ ਦੇ ਇਨ੍ਹਾਂ ਪ੍ਰੋਗਰਾਮਾਂ ’ਚ ਕਿਸਾਨਾਂ ਤੇ ਹੋਰ ਵਰਗਾਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ, ਉਥੇ ਹੀ ਜਬਰੀ ਥੋਪੇ ਗਏ ਖੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਲੈਣ ਦੇ ਮਾਮਲੇ ’ਤੇ ਅਪਣਾਏ ਗਏ ਅੱਖੜ ਰਵੱਈਏ ਸਬੰਧੀ ਕੇਂਦਰ ਸਰਕਾਰ ਦੀ ਜ਼ੋਰਦਾਰ ਸ਼ਬਦਾਂ ’ਚ ਨਿੰਦਾ ਕੀਤੀ। ਫੂਲ ਦਾ ਕਹਿਣਾ ਸੀ ਕਿ ਕਿਸਾਨੀ ਸੰਘਰਸ਼ ਦਾ ਘੇਰਾ ਨਿੱਤ ਦਿਨ ਮੋਕਲ਼ਾ ਹੁੰਦਾ ਜਾ ਰਿਹਾ ਹੈ। ਜਿਸ ਕਰਕੇ ਕੇਂਦਰ ਸਰਕਾਰ ਨੂੰ ਹੱਠ ਤਿਆਗਦਿਆਂ ਇਹ ਕਾਲੇ ਕਾਨੂੰਨ ਰੱਦ ਕਰਕੇ ਆਪਣੀ ਗਲਤੀ ਸੁਧਾਰ ਲੈਣੀ ਚਾਹੀਦੀ ਹੈ। ਇਸ ਮੌਕੇ ’ਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਵਾਜਪੁਰ ਦਾ ਕਹਿਣਾ ਸੀ ਕਿ ਮੋਰਚੇ ਵੱਲੋੋਂ ਦਿੱਤੇ ਗਏ ਸੱਦੇ ਤਹਿਤ ਜ਼ਿਲ੍ਹੇ ਭਰ ’ਚ ਤਿਆਰੀਆਂ ਜ਼ੋਰਾਂ ’ਤੇ ਹਨ।