ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 31 ਜਨਵਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੇਂਦਰ ਸਰਕਾਰ ਦੇ ਵਿਸ਼ਵਾਸਘਾਤ ਖ਼ਿਲਾਫ਼ ਹਜ਼ਾਰਾਂ ਕਿਸਾਨਾਂ ਵੱਲੋਂ ਡੀਸੀ ਕੰਪਲੈਕਸ ਦੇ ਦੋਵੇਂ ਮੁੱਖ ਗੇਟਾਂ ਅੱਗੇ ਧਰਨੇ ਦਿੱਤੇ ਗਏ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤੇ। ਡੀਸੀ ਕੰਪਲੈਕਸ ਦੇ ਮੁੱਖ ਗੇਟ ’ਤੇ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ ਜਦੋਂ ਕਿ ਪਿਛਲੇ ਪਾਸੇ ਵਾਲੇ ਗੇਟ ਉਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਧਰਨਾ ਦਿੱਤਾ ਗਿਆ।
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ ਅਤੇ ਦਿੱਲੀ ਮੋਰਚਾ ਖਤਮ ਹੋਣ ਮੌਕੇ ਮੰਗਾਂ ਸਬੰਧੀ ਜਿਹੜੀ ਗੱਲਬਾਤ ਕੇਂਦਰ ਸਰਕਾਰ ਨਾਲ ਹੋਈ ਸੀ, ਉਨ੍ਹਾਂ ਮੰਗਾਂ ’ਚੋਂ ਕਿਸੇ ਵੀ ਮੰਗ ’ਤੇ ਮੋਦੀ ਸਰਕਾਰ ਖਰੀ ਨਹੀਂ ਉਤਰੀ। ਉਨ੍ਹਾਂ ਦੋਸ਼ ਲਾਇਆ ਕਿ ਲਖੀਮਪੁਰ ਖੀਰੀ ਕਤਲ ਕਾਂਡ ਲਈ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਜ਼ਿੰਮੇਵਾਰ ਹੈ ਜਿਸ ਖ਼ਿਲਾਫ਼ ਕੇਂਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਦੋਂ ਕਿ ਮਿਸ਼ਰਾ ਨੂੰ ਤੁਰੰਤ ਅਹੁਦੇ ਤੋਂ ਬਰਖਾਸਤ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
ਦੋਵਾਂ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਐੱਮਐੱਸਪੀ ’ਤੇ ਕਮੇਟੀ ਬਣਾ ਕੇ ਖਰੀਦ ਗਾਰੰਟੀ ਵਾਲਾ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕੀਤੇ ਜਾਣ, ਦਿੱਲੀ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਕਰੋਨਾ ਦੀ ਆੜ ’ਚ ਬੰਦ ਕੀਤੇ ਸਕੂਲ ਤੁਰੰਤ ਖੋਲ੍ਹੇ ਜਾਣ। ਧਰਨੇ ਨੂੰ ਸੂਬਾ ਆਗੂ ਜਨਕ ਸਿੰਘ ਭੂਟਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਕਾਲਾਝਾੜ ਤੇ ਦਰਬਾਰਾ ਸਿੰਘ ਛਾਜਲਾ ਆਦਿ ਨੇ ਵੀ ਸੰਬੋਧਨ ਕੀਤਾ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਸਾਲ ਭਰ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਕਿਸਾਨ ਅੰਦੋਲਨ ਦੀ ਸਮਾਪਤੀ ਮੌਕੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਕਈ ਹੋਰ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪਰ ਕਰੀਬ ਦੋ ਮਹੀਨੇ ਬੀਤਣ ਮਗਰੋਂ ਵੀ ਸਰਕਾਰ ਨੇ ਬਾਕੀ ਮੰਗਾਂ ਨਹੀਂ ਮੰਨੀਆਂ। ਇਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵੱੱਲੋਂ 31 ਜਨਵਰੀ ਨੂੰ ਦੇਸ਼ ਭਰ ’ਚ ਵਿਸ਼ਵਾਸ਼ ਘਾਤ ਦਿਵਸ ਮਨਾਓਣ ਦਾ ਸੱਦਾ ਦਿੱਤਾ ਗਿਆ ਸੀ। ਇਸ ਤਹਿਤ ਮੋਰਚੇ ਦੀ ਅਧੀਨਗੀ ਵਾਲ਼ੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਜਿਥੇ ਅੱਜ ਇਥੇ ਜਿਲ੍ਹਾ ਹੈਡਕੁਆਰ ਪਟਿਆਲਾ ਵਿੱਚ ਡੀ.ਸੀ ਦਫਤਰ ਦੇ ਬਾਹਰ ਧਰਨਾ ਦਿੱਤਾ, ਉੱਥੇ ਹੀ ਤਹਿਸੀਲਾਂ ਸਮੇਤ ਹੋਰ ਥਾਂਵਾਂ ’ਤੇ ਵੀ ਅਜਿਹੇ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਕਈ ਥਾਵਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ ਫੂਕੇ ਗਏ।
ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਕਿਸਾਨਾ ’ਤੇ ਦਰਜ ਕੇਸਾਂ ਦੀ ਵਾਪਸੀ ਨਾ ਕਰਨ ਸਮੇਤ ਕਈ ਹੋਰ ਮਸਲਿਆਂ ਦੀ ਪੂਰਤੀ ਵੱਲ ਵੀ ਕੋਈ ਤਵੱਜੋਂ ਨਹੀਂ ਦਿੱਤੀ ਜਿਸ ਕਰਕੇ ਅੱਜ ਵਿਸ਼ਵਾਸ਼ਘਾਤ ਦਿਵਸ ਮਨਾਇਆ ਗਿਆ ਹੈ।
ਇਸ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਬੀ.ਕੇ.ਯੂ. ਕ੍ਰਾਂਤੀਕਾਰੀ ਅਤੇ ਬੀ.ਕੇ.ਯੂ. ਸਿੱਧਪੁਰ ਵਲੋਂ ਡੀ.ਸੀ. ਦਫਤਰ ਦੇ ਬਾਹਰ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।
ਇਸ ਮੌਕੇ ਮੋਰਚੇ ਦੇ ਪ੍ਰਮੁੱਖ ਆਗੂ ਡਾ. ਦਰਸ਼ਨ ਪਾਲ ਸਮੇਤ ਰਣਜੀਤ ਸਵਾਜਪੁਰ, ਅਵਤਾਰ ਕੌਰਜੀਵਾਲ਼ਾ, ਜਸਵੀਰ ਸਿੱਧੂਪੁਰ, ਜੰਗ ਸਿੰਘ ਭਟੇੜੀ ਆਦਿ ਨੇ ਵੀ ਸੰਬੋਧਨ ਕੀਤਾ। ਉਧਰ ਮਿਨੀ ਸਕੱਤਰੇਤ ਨੇੜਲੇ ਪਾਰਕ ਵਿੱਚ ਇਕੱਠੇ ਹੋਏ ਕਿਸਾਨਾਂ ਨੂੰ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਆਗੂ ਰਾਮ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਮਿੰਦਰ ਸਿੰਘ ਪਟਿਆਲਾ, ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਗੁਰਚਰਨ ਸਿੰਘ ਪਰੋੜ, ਕੁਲ ਹਿੰਦ ਕਿਸਾਨ ਸਭਾ ਤੋਂ ਕੁਲਵੰਤ ਮੌਲਵੀਵਾਲਾ , ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਰਣਜੀਤ ਆਕੜ, ਦਵਿੰਦਰ ਸਿੰਘ ਪੂਨੀਆ, ਗੁਰਦਰਸ਼ਨ ਸੈਣੀਮਾਜਰਾ, ਗੁਰਮੇਲ ਸਿੰਘ ਢਕਰੱਬਾ, ਜਸਵੀਰ ਫਤਿਹਪੁਰ ਅਤੇ ਲਖਵਿੰਦਰ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਵਾਅਦਿਆਂ ਦੀ ਪੂਰਤੀ ਨਾ ਕਰਨ ’ਤੇ ਕੇਂਦਰ ਸਰਕਾਰ ਨੂੰ ਖੂੂਬ ਕੋਸਿਆ।
ਅੰਤ ਵਿੱਚ ਰਾਸ਼ਟਰਪਤੀ ਦੇ ਨਾਮ ਅਧਿਕਾਰੀ ਨੂੰ ਮੰਗ ਪੱਤਰ ਵੀ ਸੌਪਿਆ ਗਿਆ।