ਪੱਤਰ ਪ੍ਰੇਰਕ
ਲਹਿਰਾਗਾਗਾ,10 ਫਰਵਰੀ
ਅਕਾਲੀ ਦਲ ਡੈਮੋਕਰੇਟਿਕ ਪਾਰਟੀ ਦੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੂੰ ਜਿੱਦ ਛੱਡ ਕੇ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈ ਕੇ ਵੱਡਾ ਦਿੱਲ ਦਿਖਾਉਣਾ ਚਾਹੀਦਾ ਹੈ ਤਾਂ ਦੁਨੀਆਂ ਭਰ ’ਚ ਸਰਕਾਰ ਦੀ ਸ਼ਲਾਘਾ ਹੋਵੇਗੀ ਪਰ ਹਿਟਲਰਸ਼ਾਹੀ ਨੀਤੀ ਨਾਲ ਕਦੇ ਵੀ ਫੈਸਲੇ ਨੂੰ ਦੁਨੀਆਂ ਮਾਣਤਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਆ ਵਿਧਾਨ ਸਭਾ ਚੋਣਾਂ ’ਤੇ ਨਗਰ ਕੌਂਸਲ ਚੋਣਾਂ ਦਾ ਕੋਈ ਅਸਰ ਨਹੀਂ ਪਵੇਗਾ ਪਰ ਕਿਸਾਨੀ ਸੰਘਰਸ਼ ਭਵਿੱਖ ’ਚ ਹੋਣ ਵਾਲੀ ਹਰ ਚੋਣ ’ਤੇ ਮਾਰੂ ਅਸਰ ਪਾਵੇਗਾ। ਇਥੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਭਾਜਪਾ ਨੂੰ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਬਜਾਏ ਦਿੱਲੀ ’ਚ ਜਾ ਕੇ ਮੋਦੀ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨ ਲਈ ਪ੍ਰੇਰਿਤ ਕਰਕੇ ਜਿੱਦ ਛੱਡਣੀ ਲਈ ਮਜ਼ਬੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਜਿਣਸਾਂ ਦੇ ਭਾਅ ਘੱਟੋਘੱਟ ਤੈਅ ਕਰਨ ਲਈ ਨਾ ਖੁਦ ਕੁਝ ਕੀਤਾ ਤੇ ਨਾ ਹੀ ਕੇਂਦਰ ਸਰਕਾਰ ਕੋਲ ਗੱਲ ਉਠਾਈ।
‘ਕਿਸਾਨ ਆਪਣੇ ਬੱਚਿਆਂ ਦੇ ਭਵਿੱਖ ਦੀ ਲੜ ਰਹੇ ਨੇ ਲੜਾਈ’
ਸੰਦੌੜ (ਮੁਕੰਦ ਸਿੰਘ ਚੀਮਾ) ਸ੍ਰੋਮਣੀ ਅਕਾਲੀ ਦਲ (ਡੀ) ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦਾ ਜੇ ਸੱਚਮੁੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਿਕਰ ਹੈ ਤਾਂ ਉਹ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈ ਕੇ ਕਿਸਾਨਾਂ ਦਾ ਅੰਦੋਲਨ ਸਮਾਪਤ ਕਰਵਾਉਣ। ਸ੍ਰੀ ਢੀਂਡਸਾ ਨੇ ਕਿਹਾ ਕਿ 70 ਦਿਨਾਂ ਤੋਂ ਖੁੱਲ੍ਹੇ ਅਸਮਾਨ ਹੇਠ ਬੈਠੇ ਕਿਸਾਨਾਂ ਵੱਲੋਂ ਅੰਦੋਲਨ ਜਾਰੀ ਰੱਖਣਾ ਕੋਈ ਸ਼ੌਕ ਨਹੀਂ ਸਗੋਂ ਕਿਸਾਨ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕੇਵਲ ਕਿਸਾਨਾਂ ਦਾ ਅੰਦੋਲਨ ਨਹੀਂ ਹੈ ਸਗੋਂ ਇਹ ਸਮੁੱਚੇ ਦੇਸ਼ ਦਾ ਅੰਦੋਲਨ ਹੈ ਕਿਉਂਕਿ ਖੇਤੀ ਕਾਨੂੰਨਾਂ ਦਾ ਅਸਰ ਹਰ ਵਰਗ ’ਤੇ ਪਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੀ) ਪੂਰੀ ਤਰ੍ਹਾਂ ਕਿਸਾਨਾਂ ਦੀ ਹਮਾਇਤ ਕਰੇਗਾ।