ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 3 ਜਨਵਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ਵਿੱਚ ਅੱਜ ਦੂਜੇ ਦਿਨ ਪਿੰਡ ਘਰਾਚੋਂ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਤੇ ਔਰਤਾਂ ਵੱਲੋਂ ਪਿੰਡ ਵਿੱਚ ਮੁਜਾਹਰਾ ਕਰਨ ਮਗਰੋਂ ਬੱਸ ਅੱਡੇ ’ਤੇ ਅਰਥੀ ਫੂਕੀ ਗਈ। ਇਸ ਮੌਕੇ ਯੂਨੀਅਨ ਦੇ ਆਗੂ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ ਤੇ ਰਘਵੀਰ ਸਿੰਘ ਘਰਾਚੋਂ ਨੇ ਕਿਹਾ ਕਿ ਕਿਸਾਨਾਂ ਦੇ ਦ੍ਰਿੜ੍ਹ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਮਜ਼ਬੂਰ ਹੋਣਾ ਪਿਆ ਹੈ, ਪਰ ਅਜੇ ਵੀ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬਾਕੀ ਮੰਗਾਂ ਦੀ ਪੂਰਤੀ ਲਈ ਲੜਾਈ ਲੜਨੀ ਪਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੋਟ ਪਾਰਟੀਆਂ ਤੋਂ ਭਲੇ ਦੀ ਝਾਕ ਨਹੀਂ ਕਰਨੀ ਚਾਹੀਦੀ, ਸਗੋਂ ਆਪਣੇ ਹੱਕਾਂ ਦੀ ਰਾਖੀ ਖੁਦ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਚੰਨੀ ਸਰਕਾਰ ਵਾਅਦਾਖ਼ਿਲਾਫ਼ੀ ਕਰਕੇ ਲੋਕਾਂ ਨੂੰ ਬੇਵਕੂਫ ਬਣਾ ਰਹੀਆਂ ਹਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ) ਪੰਜ ਜਨਵਰੀ ਨੂੰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ਵਜੋਂ ਮੋਦੀ ਸਰਕਾਰ ਤੇ ਉਸ ਦੀ ਜੁੰਡਲੀ ਦੇ ਮੁਰਦਾਬਾਦ ਦੇ ਨਾਅਰੇ ਲਾਉਂਦੇ ਹੋਏ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਦਰਜਨਾਂ ਪਿੰਡਾਂ ’ਚ ਮੋਦੀ ਦੀਆਂ ਅਰਥੀਆਂ ਸਾੜੀਆਂ ਗਈਆਂ। ਬਲਾਕ ਆਗੂਆਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਲਿਆਉਣ ਵਾਲੀ ਮੋਦੀ ਹਕੂਮਤ ਖ਼ਿਲਾਫ਼ ਇੱਕ ਸਾਲ ਤੋਂ ਵੱਧ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਦੌਰਾਨ 726 ਜਾਨਾਂ ਵਾਰ ਕੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਕਰਵਾਇਆ ਹੈ। ਸ਼ਹੀਦ ਹੋਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਦੋਸ਼ੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਦੇਸ਼ ਦੇ ਹੋਰ ਸੂਬਿਆਂ ਦੇ ਕਿਸਾਨਾਂ ਤੋਂ ਜ਼ਮੀਨ ਖੋਹ ਕੇ ਵੱਡੇ ਕਾਰਪੋਰੇਟਾਂ ਨੂੰ ਸੌਂਪਣ ਦੀ ਵਿਚੋਲਗੀ ਕਰਨ ਵਾਲੇ ਨੂੰ ਪੰਜਾਬ ਦੇ ਲੋਕ ਰਾਜ ਦੀ ਧਰਤੀ ’ਤੇ ਪੈਰ ਨਹੀਂ ਪਾਉਣ ਦੇਣਗੇ। ਉਨ੍ਹਾਂ ਕਿਹਾ ਕਿ ਅਜੇ ਸਿਰਫ ਤਿੰਨੋਂ ਖੇਤੀ ਕਾਨੂੰਨ ਹੀ ਰੱਦ ਹੋਏ ਹਨ ਬਾਕੀ ਰਹਿੰਦੀਆਂ ਮੰਗਾਂ ਜਿਵੇਂ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਨੌਕਰੀ ਤੇ ਕਰਜ਼ਾ, ਕਿਸਾਨਾਂ-ਮਜ਼ਦੂਰਾਂ ’ਤੇ ਪਾਏ ਕੇਸ ਰੱਦ ਹੋੋਣ, ਲਖੀਮਪੁਰ ਖੀਰੀ ’ਚ ਕਿਸਾਨਾਂ ਦੇ ਕਾਤਲ ਅਜੈ ਮਿਸ਼ਰਾ ਟੈਣੀ ਨੂੰ ਸਜ਼ਾ ਦੇਣ ਤੇ ਅਹੁਦੇ ਤੋਂ ਬਰਖ਼ਾਸਤ ਕਰਨ, ਸਾਰੇ ਦੇਸ਼ ’ਚ ਫਸਲਾਂ ’ਤੇ ਐੱਮਐੱਸਪੀ ਦੀ ਗਰੰਟੀ ਵਾਲਾ ਕਾਨੂੰਨ ਨਹੀਂ ਬਣਉਣ ਆਦਿ ਮੰਗਾਂ ਪੂਰੀਆਂ ਨਹੀਂ ਕੀਤੀਆਂ।