ਗੁਰਦੀਪ ਸਿੰਘ ਲਾਲੀ
ਸੰਗਰੂਰ, 31 ਅਗਸਤ
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 80 ਫ਼ੀਸਦੀ ਤੋਂ ਵਧੇਰੇ ਪਾਜ਼ੇਟਿਵ ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜੋ ਪੂਰੇ ਪੰਜਾਬ ਦੇ ਵੱਡੀ ਗਿਣਤੀ ਜ਼ਿਲ੍ਹਿਆਂ ਤੋਂ ਜ਼ਿਆਦਾ ਹੈ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਦਿੰਦਿਆਂ ਕਿਹਾ ਕਿ ਜੇਕਰ ਕੋਈ ਸੈਂਪਲਿੰਗ ’ਚ ਕਿਸੇ ਤਰ੍ਹਾਂ ਦਾ ਵਿਘਨ ਪਾਉਂਦਾ ਹੈ ਜਾਂ ਲੋਕਾਂ ਵਿੱਚ ਅਫ਼ਵਾਹਾਂ ਫ਼ੈਲਾਉਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੌਰਾਨ ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹੇ ’ਚੋਂ ਸੋਮਵਾਰ ਤੱਕ 44,175 ਨਮੂਨੇ ਕੋਵਿਡ-19 ਦੀ ਜਾਂਚ ਲਈ ਲਏ ਗਏ ਹਨ 2,173 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ 42,046 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਜਦਕਿ 330 ਦੇ ਨਤੀਜਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਪਾਏ ਗਏ 2,173 ਮਰੀਜ਼ਾਂ ’ਚੋਂ 1,753 ਮਰੀਜ਼ ਕੋਵਿਡ-19 ਨੂੰ ਮਾਤ ਦੇ ਕੇ ਤੰਦਰੁਸਤ ਹੋਣ ਉਪਰੰਤ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਹੋਣ ਵਾਲੇ ਵਿਅਕਤੀ ਕੁੱਲ ਮਰੀਜ਼ਾਂ ਦਾ 80 ਫ਼ੀਸਦੀ ਤੋਂ ਵਧੇਰੇ ਹਨ।
ਸ੍ਰੀ ਰਾਮਵੀਰ ਨੇ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੀ ਪਛਾਣ ਕਰਨ ਲਈ ਵੱਧ ਤੋਂ ਵੱਧ ਸੈਂਪਲ ਕਰਵਾਉਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਭਰੋਸਾ ਨਾ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏਡੀਸੀ (ਜ) ਅਨਮੋਲ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਰਾਜ ਕੁਮਾਰ ਅਤੇ ਸਮੂਹ ਐੱਸਡੀਐੱਮਜ਼ ਤੇ ਐੱਸਐੱਮਓ ਹਾਜ਼ਰ ਸਨ।