ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 15 ਮਾਰਚ
ਇਲਾਕੇ ’ਚ ਚਿੱਟੇ ਦੇ ਨਸ਼ੇ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਆਵਾਜ਼ ਚੁੱਕਣੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਜੋਂ ਅੱਜ ਨੇੜਲੇ ਪਿੰਡ ਨਦਾਮਪੁਰ ਦੀ ਗ੍ਰਾਮ ਪੰਚਾਇਤ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੀ ਮੀਟਿੰਗ ਕੀਤੀ ਗਈ।
ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਤੇ ਸਾਬਕਾ ਸਰਪੰਚ ਬਲਵੰਤ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਚਿੱਟੇ ਦੇ ਨਸ਼ੇ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਤੋਂ ਮਾਪੇ ਬੇਹੱਦ ਫਿਕਰਮੰਦ ਹਨ। ਉਨ੍ਹਾਂ ਦੱਸਿਆ ਕਿ ਕਿ ਸਮਾਣਾ ਦੇ ਪਿੰਡ ਮੁਰਾਦਪੁਰ ਵਿੱਚ ਸ਼ਰੇਆਮ ਚਿੱਟਾ ਵਿਕ ਰਿਹਾ ਹੈ, ਜਿੱਥੋਂ ਭਵਾਨੀਗੜ੍ਹ ਇਲਾਕੇ ਦੇ ਨੌਜਵਾਨ ਲੈ ਕੇ ਆਉਂਦੇ ਹਨ। ਪਿਛਲੇ ਥੋੜ੍ਹੇ ਸਮੇਂ ਵਿੱਚ ਹੀ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਮਤਾ ਪਾ ਕੇ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਭੇਜਿਆ ਗਿਆ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਕਾਬੂ ਕੀਤਾ ਜਾਵੇ ਅਤੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਲਈ ਕਿਹਾ ਜਾਵੇ।