ਸੰਗਰੂਰ: ਨੈਸ਼ਨਲ ਹੈਲਥ ਮਿਸ਼ਨ ਤਹਿਤ ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਦੀ ਜਥੇਬੰਦੀ ਦੀ ਅੱਜ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਪੈਨਲ ਮੀਟਿੰਗ ਰੱਦ ਹੋਣ ਮਗਰੋਂ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਨੇ ਸੱਤਾਧਾਰੀ ਪਾਰਟੀ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਿਰਾਓ ਕਰਨ ਅਤੇ ਰੋਸ ਵਜੋਂ ਕਾਲੀ ਦੀਵਾਲੀ ਮਨਾਉਣ ਦੀ ਚਿਤਾਵਨੀ ਦਿੱਤੀ ਹੈ। ਨੈਸ਼ਨਲ ਹੈਲਥ ਮਿਸ਼ਨ ਐਂਪਲਾਈਜ਼ ਯੂਨੀਅਨ ਦੇ ਸੂਬਾ ਆਗੂਆਂ ਡਾ. ਵਾਹਿਦ ਮੁਹੰਮਦ ਅਤੇ ਜੋਗਿੰਦਰ ਸਿੰਘ ਫਿਰੋਜ਼ਪੁਰ ਨੇ ਦੱਸਿਆ ਕਿ ਲੰਘੀ 26 ਸਤੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਸੂਬਾ ਪੱਧਰੀ ਰੈਲੀ ਕੀਤੀ ਗਈ ਸੀ ਜਿਥੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨਾਲ ਮੀਟਿੰਗ ਤੈਅ ਕਰਵਾਈ ਸੀ ਪਰੰਤੂ ਅੱਜ ਐਨ ਮੌਕੇ ’ਤੇ ਸਰਕਾਰ ਮੀਟਿੰਗ ਕਰਨ ਤੋਂ ਭੱਜ ਗਈ ਹੈ। -ਨਿੱਜੀ ਪੱਤਰ ਪ੍ਰੇਰਕ