ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਦਸੰਬਰ
ਪਿਛਲੇ ਕਰੀਬ ਡੇਢ ਮਹੀਨੇ ਤੋਂ ਸਿਹਤ ਸੇਵਾਵਾਂ ਠੱਪ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚੱਲ ਰਹੇ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਦਿਆਂ ਅੱਜ ਸਿਵਲ ਹਸਪਤਾਲ ਅੱਗੇ ਸਿਹਤ ਮੰਤਰੀ ਓ.ਪੀ. ਸੋਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਕਰਦਿਆਂ ਕੱਚੇ ਸਿਹਤ ਮੁਲਾਜ਼ਮਾਂ ਪ੍ਰਤੀ ਸਰਕਾਰ ਦੇ ਹੰਕਾਰੀ ਵਿਵਹਾਰ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮੌਕੇ ਯੂਨੀਅਨ ਆਗੂ ਲਖਵਿੰਦਰ ਕੌਸ਼ਿਕ ਨੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਸਰਕਾਰ ਅਧੀਨ ਕੰਮ ਕਰ ਰਹੇ ਐੱਨਐੱਚਐੱਮ ਕਰਮਚਾਰੀਆਂ ਦੀ 16 ਨਵੰਬਰ 2021 ਤੋਂ ਕੀਤੀ ਗਈ ਹੜਤਾਲ ਲਗਾਤਾਰ ਚੱਲ ਰਹੀ ਹੈ, ਜਿਸ ਕਾਰਨ ਪੰਜਾਬ ਭਰ ਦੀਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ ਪਰ ਸਰਕਾਰ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਹੈ। ਮੁਲਾਜ਼ਮ ਆਗੂ ਡਾ. ਵਰਿੰਦਰ ਸਿੰਘ ਨੇ ਕਿਹਾ ਕਿ ਐਨ.ਐਚ.ਐਮ. ਕਾਮੇ ਇਸ ਆਰ-ਪਾਰ ਦੀ ਲੜਾਈ ਵਿੱਚ ਕੁੱਦੇ ਪਏ ਹਨ ਅਤੇ ਜੇਕਰ ਹੁਣ ਵੀ ਪੰਜਾਬ ਦੀ ਕਾਂਗਰਸ ਸਰਕਾਰ ਦੇ ਕੰਨ ’ਤੇ ਜੂੰ ਨਾ ਸਰਕੀ ਤਾਂ ਇਸ ਦਾ ਖਾਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਦੌਰਾਨ ਐੱਨਐੱਚਐੱਮ ਕਾਮਿਆਂ ਵੱਲੋਂ ਹੜਤਾਲ ਅਣਮਿੱਥੇ ਸਮੇਂ ਤੱਕ ਅਤੇ ਰੈਗੂਲਰ ਕਰਨ ਦੀ ਜਾਇਜ਼ ਮੰਗ ਪੂਰੀ ਹੋਣ ਤੱਕ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਡਾ. ਰਜਨੀਸ਼ ਗਰਗ, ਸੰਚਿਤਾ ਤੇ ਸ਼ਿੰਦਰਪਾਲ ਕੌਰ ਨੇ ਸੰਬੋਧਨ ਕੀਤਾ।