ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 5 ਨਵੰਬਰ
ਪਰਾਲੀ ਨੂੰ ਸਾੜਨ ਦੇ ਮਾਮਲਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਜ਼ਮੀਨ ਦੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ, ਉੱਥੇ ਹੀ ਪਰਾਲੀ ਦੇ ਨਿਪਟਾਰੇ ਲਈ ਸਬਸਿਡੀ ਉੱਪਰ ਦਿੱਤੀ ਗਈ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਅਤੇ ਐੱਸਡੀਐੱਮ ਹਰਬੰਸ ਸਿੰਘ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਖੇਤਾਂ ਵਿਚ ਹੀ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡੀਐੱਸਪੀ ਕੁਲਦੀਪ ਸਿੰਘ ਵੀ ਮੌਜੂਦ ਸਨ। ਅਧਿਕਾਰੀਆਂ ਨੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂਹੰਦ ਨੂੰ ਖੇਤ ਵਿੱਚ ਹੀ ਵਾਹ ਕੇ ਅਗਲੀ ਫ਼ਸਲ ਲਈ ਖੇਤ ਤਿਆਰ ਕਰਨ ਲਈ ਪ੍ਰੇਰਿਤ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ ਡਵੀਜ਼ਨ ਭਵਾਨੀਗੜ੍ਹ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ। ਐੱਸਡੀਐੱਮ ਭਵਾਨੀਗੜ੍ਹ ਰਵਿੰਦਰ ਬਾਂਸਲ ਅਤੇ ਡੀਐਸਪੀ ਰਾਹੁਲ ਕੌਸ਼ਲ ਦੀ ਅਗਵਾਈ ਹੇਠ ਪ੍ਰਸ਼ਾਸਨ ਤੇ ਪੁਲੀਸ ਦੇ ਅਧਿਕਾਰੀਆਂ ਵੱਲੋਂ ਅੱਜ ਪਿੰਡ ਬਾਲਦ ਕਲਾਂ, ਬਲਿਆਲ ਅਤੇ ਘਰਾਚੋਂ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਹੈ। ਉਕਤ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਲਗਾਤਾਰ ਪਿੰਡਾਂ ਵਿੱਚ ਚੌਕਸੀ ਰੱਖ ਰਹੇ ਹਨ ਅਤੇ ਕਿਸੇ ਵੀ ਪਿੰਡ ਵਿੱਚ ਨਾੜ ਨੂੰ ਸਾੜਨ ਜਿਹੀ ਘਟਨਾ ਸਾਹਮਣੇ ਆਉਣ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਦਿਆਂ ਅੱਗ ਨੂੰ ਮੌਕੇ ’ਤੇ ਹੀ ਬੁਝਾਇਆ ਜਾਂਦਾ ਹੈ ਅਤੇ ਨਾੜ ਸਾੜਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।