ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਮਾਰਚ
ਸਥਾਨਕ ਸਰਕਾਰੀ ਰਣਬੀਰ ਕਾਲਜ ਵਿਚ ਦੋ ਮਹੀਨਿਆਂ ਤੋਂ ਬੰਦ ਪਈਆਂ ਆਫਲਾਈਨ ਕਲਾਸਾਂ ਭਲਕੇ 3 ਮਾਰਚ ਨੂੰ ਮੁੜ ਸ਼ੁਰੂ ਹੋ ਜਾਣਗੀਆਂ। ਇਸ ਸਬੰਧੀ ਕਾਲਜ ਪ੍ਰਿੰਸੀਪਲ ਵੱਲੋਂ ਬਾਕਾਇਦਾ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਉੱਧਰ, ਪੰਜ ਵਿਦਿਆਰਥੀ ਜਥੇਬੰਦੀਆਂ ਨੇ ਆਫ਼ਲਾਈਨ ਕਲਾਸਾਂ ਮੁੜ ਸ਼ੁਰੂ ਕਰਨ ਦੇ ਫੈਸਲੇ ਨੂੰ ਆਪਣੀ ਜਿੱਤ ਕਰਾਰ ਦਿੰਦਿਆਂ ਦਾਅਵਾ ਕੀਤਾ ਹੈ ਕਿ ਵਿਦਿਆਰਥੀ ਜਥੇਬੰਦੀਆਂ ਵੱਲੋਂ ਆਫ਼ਲਾਈਨ ਕਲਾਸਾਂ ਮੁੜ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਕਾਲਜ ਪ੍ਰਿੰਸੀਪਲ ਨੂੰ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਪਰ ਉਸ ਤੋਂ ਪਹਿਲਾਂ ਹੀ ਪ੍ਰਿੰਸੀਪਲ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ। ਵਿਦਿਆਰਥੀ ਜਥੇਬੰਦੀਆਂ ਵੱਲੋਂ ਆਫਲਾਈਨ ਕਲਾਸਾਂ ਸ਼ੁੁਰੂ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ ਹੇ।
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਆਗੂ ਕੋਮਲ ਖਨੌਰੀ, ਰਮਨ ਸਿੰਘ ਕਾਲਾਝਾੜ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਦੀਪ ਹਥਨ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਗੁਰਪ੍ਰੀਤ ਜੱਸਲ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਸੰਦੀਪ ਕੌਰ ਅਤੇ ਡੈਮੋਕਰੈਟਿਕ ਸਟੂਡੈਂਟਸ ਆਰਗਨਾਈਜ਼ੇਸ਼ਨ ਤੋਂ ਜੀਵਨਜੋਤ ਕੌਰ ਨੇ ਕਿਹਾ ਕਿ ਆਫਲਾਈਨ ਕਲਾਸਾਂ ਸ਼ੁਰੂ ਨਾ ਹੋਣ ਕਰ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਆਨਲਾਈਨ ਸਿੱਖਿਆ ਦੇ ਨਾਂ ’ਤੇ ਸਰਕਾਰ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਦੂਰ ਕਰ ਰਹੀ ਹੈ ਅਤੇ ਇਸ ਨੂੰ ਲੁੱਟ ਦਾ ਸਾਧਨ ਵੀ ਬਣਾਇਆ ਜਾ ਰਿਹਾ ਹੈ। ਕਰੋਨਾ ਦੀ ਹਰ ਲਹਿਰ ਦੌਰਾਨ ਨਿਸ਼ਾਨਾ ਸਭ ਤੋਂ ਪਹਿਲਾਂ ਸਿੱਖਿਆ ਵੱਲ ਹੀ ਸੇਧਿਤ ਹੁੰਦਾ ਹੈ, ਮਤਲਬ ਜਦੋਂ ਵੀ ਕਰੋਨਾ ਦੀ ਕੋਈ ਲਹਿਰ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਵਿੱਦਿਅਕ ਸੰਸਥਾਵਾਂ ਹੀ ਬੰਦ ਕੀਤੀਆਂ ਜਾਂਦੀਆਂ ਹਨ। ਬਾਕੀ ਅਦਾਰੇ ਬਾਅਦ ਵਿੱਚ ਬੰਦ ਕੀਤੇ ਜਾਂਦੇ ਹਨ ਅਤੇ ਲਹਿਰ ਦਾ ਅਸਰ ਘੱਟ ਜਾਣ ’ਤੇ ਅਖੀਰ ਵਿੱਚ ਸਕੂਲ ਤੇ ਕਾਲਜ ਖੋਲ੍ਹੇ ਜਾਂਦੇ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਜਾਣਬੁੱਝ ਕੇ ਸਾਜ਼ਿਸ਼ ਤਹਿਤ ਲੋਕ ਵਿਰੋਧੀ ਨਵੀਂ ਸਿੱਖਿਆ ਨੀਤੀ 2020 ਅਨੁਸਾਰ ਆਨਲਾਈਨ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ। ਇਸ ਤਰ੍ਹਾਂ ਕਰ ਕੇ ਉਹ ਸਿੱਖਿਆ ਦਾ ਪੂਰੀ ਤਰ੍ਹਾਂ ਨਿੱਜੀਕਰਨ ਕਰਨਾ ਚਾਹੁੰਦੀ ਹੈ।
ਆਗੂਆਂ ਨੇ ਕਿਹਾ ਕਿ ਸਰਕਾਰਾਂ ਨੂੰ ਇਹੋ ਜਿਹੀਆਂ ਚਾਲਾਂ ਤੋਂ ਬਾਜ਼ ਆਉਣਾ ਚਾਹੀਦਾ ਹੈ ਤੇ ਰਹਿੰਦੀਆਂ ਵਿਦਿਆਰਥੀ ਸੰਸਥਾਵਾਂ ਬਿਨਾ ਸ਼ਰਤ ਖੋਲ੍ਹਣੀਆਂ ਚਾਹੀਦੀਆਂ ਹਨ। ਵਿਦਿਆਰਥੀ ਜੱਥੇਬੰਦੀਆਂ ਨੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵੱਲੋਂ ਕਥਿਤ ਤੌਰ ’ਤੇ ਨਾਜਾਇਜ਼ ਟਰਾਂਸਪੋਰਟ ਫੀਸ ਮੰਗੇ ਜਾਣ ਦਾ ਵਿਰੋਧ ਕੀਤਾ ਅਤੇ ਫੀਸਾਂ ਦੇ ਇਸ ਵਾਧੇ ਨੂੰ ਵਿਦਿਆਰਥੀਆਂ ਤੇ ਮਾਪਿਆਂ ਨਾਲ ਧੱਕਾ ਕਰਾਰ ਦਿੱਤਾ। ਜੱਥੇਬੰਦੀਆਂ ਨੇ ਮੰਗ ਕੀਤੀ ਕਿ ਇਹ ਫੀਸਾਂ ਵਸੂਲਣੀਆਂ ਬੰਦ ਕੀਤੀਆਂ ਜਾਣ।