ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 22 ਸਤੰਬਰ
ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪਿੰਡ ਮੁਬਾਰਕਪੁਰ ਚੂੰਘਾਂ ਵਿੱਚ ਬਲਾਕ ਪੱਧਰੀ ਪੈਨਸ਼ਨ ਸੁਵਿਧਾ ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ (ਮਾਲੇਰਕੋਟਲਾ) ਡਾਕਟਰ ਮੁਹੰਮਦ ਜ਼ਮੀਲ ਉਰ ਰਹਿਮਾਨ ਨੇ ਕੀਤਾ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋੜਵੰਦ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਪੇਂਡੂ ਖੇਤਰ ਵਿੱਚ ਰਹਿ ਰਹੇ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਅਜਿਹੇ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ 28 ਸਤੰਬਰ ਨੂੰ ਬਲਾਕ ਪੱਧਰ ’ਤੇ ਪੈਨਸ਼ਨ ਸੁਵਿਧਾ ਕੈਂਪ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਲਾਭ ਲੈਣ। ਇਸ ਮੌਕੇ ਵਿਧਵਾ ਪੈਨਸ਼ਨ ਦੇ 4 ਫਾਰਮ, ਬਢਾਪਾ ਪੈਨਸ਼ਨ ਦੇ 22 ਫਾਰਮ, ਦਿਵਿਆਂਗ ਪੈਨਸ਼ਨ ਦੇ ਫਾਰਮ 2 ਅਤੇ ਆਸ਼ਰਿਤ ਪੈਨਸ਼ਨ ਦੇ 2 ਫਾਰਮ ਭਰੇ ਗਏ। ਵਿਧਾਇਕ ਡਾਕਟਰ ਮੁਹੰਮਦ ਜ਼ਮੀਲ ਉਰ ਰਹਿਮਾਨ ਨੇ ਸਰਕਾਰੀ ਸਕੂਲ ਮੁਬਾਰਕਪੁਰ ਚੂੰਘਾਂ ਵਿੱਚ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਕੂਲ ਦੀ ਸਾਫ਼-ਸਫ਼ਾਈ ’ਤੇ ਤਸੱਲੀ ਜ਼ਾਹਿਰ ਕੀਤੀ।
ਮਾਲੇਰਕੋਟਲਾ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਵਿਧਾਇਕ ਡਾ. ਮੁਹੰਮਦ ਜ਼ਮੀਲ ਉਰ ਰਹਿਮਾਨ ਨੇ ਸਥਾਨਕ ਰਾਏਕੋਟ ਰੋਡ ’ਤੇ ਮਾਲੇਰਕੋਟਲਾ ਨੂੰ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਸਵੱਛਤਾ ਮੁਹਿੰਮ ਸ਼ੁਰੂ ਕਰਵਾਈ। ਡਾ. ਮੁਹੰਮਦ ਜ਼ਮੀਲ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁਲਕ ਦਾ ਸਾਫ਼-ਸੁਥਰਾ ਸੂਬਾ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਇਆ ਜਾਵੇ। ਇਸ ਸੁਪਨੇ ਦੀ ਪੂਰਤੀ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ। ਕਾਰਜ ਸਾਧਕ ਅਫ਼ਸਰ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਸੁੱਕੇ ਤੇ ਗਿੱਲੇ ਕੂੜੇ ਲਈ ਵੱਖ ਵੱਖ ਸਥਾਨਾਂ ’ਤੇ ਕਰੀਬ 100 ਜੌੜੇ ਕੂੜਾਦਾਨ ਲਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੀ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।