ਰਮੇਸ਼ ਭਾਰਦਵਾਜ
ਲਹਿਰਾਗਾਗਾ, 8 ਫਰਵਰੀ
ਕਾਂਗਰਸ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਵਾਰਡ ਨੰਬਰ 6 ਅਤੇ ਹੋਰ ਵੱਖ ਵੱਖ ਥਾਵਾਂ ’ਤੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਾਂਗਰਸ ਸਰਕਾਰ ਨੇ ਹਰ ਵਰਗ ਦੀ ਖੁਸ਼ਹਾਲੀ ਲਈ ਵੱਖ-ਵੱਖ ਸਕੀਮਾਂ ਲਾਗੂ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ, ਉਨ੍ਹਾਂ ਕਿਹਾ ਕਿ ਕਾਂਗਰਸ ਅੱਜ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬੀਬੀ ਭੱਠਲ ਨੇ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿੱਤਾ ਕਿ ਪਿਛਲੇ ਸਮੇਂ ਵਿੱਚ ਰਹੀਆਂ ਕਮੀਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ, ਉਨ੍ਹਾਂ ਹਲਕੇ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਲਈ ਪੰਜੇ ਦਾ ਬਟਨ ਦਬਾ ਕੇ ਕਾਮਯਾਬ ਬਣਾਉਣ ਦੀ ਅਪੀਲ ਕੀਤੀ।
ਬੀਬੀ ਭੱਠਲ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਵਾਰ ਫਿਰ ਸੀਐੱਮ ਦਾ ਚਿਹਰਾ ਐਲਾਨ ਕੇ ਵਿਰੋਧੀ ਪਾਰਟੀਆਂ ਦੇ ਸਾਹ ਸੂਤੇ ਗਏ ਹਨ ਕਿਉਂਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਹੀ ਧਰਮ ਅਤੇ ਜਾਤ ਦੇ ਆਧਾਰ ’ਤੇ ਰਾਜਨੀਤੀ ਕੀਤੀ ਹੈ। ਕਾਂਗਰਸ ਹੀ ਸਿਰਫ਼ ਧਰਮ ਨਿਰਪੱਖ ਪਾਰਟੀ ਹੈ, ਜਿਹੜੀ ਹਰ ਵਰਗ ਤੇ ਧਰਮ ਦਾ ਸਤਿਕਾਰ ਕਰਦੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਚ ਕੋਈ ਗੁੱਟਬੰਦੀ ਨਹੀਂ, ਸਾਰੇ ਹੀ ਆਗੂ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ ਜਿਸ ਦੇ ਚੱਲਦੇ ਕਾਂਗਰਸ ਦਾ ਇੱਕ ਵਾਰ ਫਿਰ ਸੱਤਾ ਵਿੱਚ ਆਉਣਾ ਤੈਅ ਹੈ। ਇਸ ਮੌਕੇ ਬੀਬੀ ਭੱਠਲ ਨੂੰ ਮਹਿਲਾਵਾਂ ਵੱਲੋਂ ਸ਼ਾਲ ਭੇਟ ਕਰਕੇ ਸਨਮਾਨਤ ਕੀਤਾ ਗਿਆ। ਬੀਬੀ ਭੱਠਲ ਨਾਲ ਓਐੱਸਡੀ ਰਵਿੰਦਰ ਸਿੰਘ ਟੁਰਨਾ, ਜ਼ਿਲ੍ਹਾ ਸ਼ਿਕਾਇਤ ਕਮੇਟੀ ਮੈਂਬਰ ਐਡਵੋਕੇਟ ਰਜਨੀਸ਼ ਗੁਪਤਾ, ਰਣਧੀਰ ਸਿੰਘ ਖਾਈ, ਸੋਹਣ ਲਾਲ ਗੁਰਨੇ ਤੋ ਇਲਾਵਾ ਹੋਰ ਵੀ ਹਾਜ਼ਰ ਸਨ।