ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 27 ਸਤੰਬਰ
ਇੱਥੋਂ ਨੇੜਲੇ ਪਿੰਡ ਘਰਾਚੋਂ ਵਿੱਚ ਭਾਰਤੀ ਕਿਸਾਨ ਯੂਨੀਅਨਾਂ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪੰਚਾਇਤੀ ਵਿਭਾਗ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਨਿੱਜੀ ਹਸਪਤਾਲ ਬਣਾਉਣ ਲਈ ਪੰਚਾਇਤੀ ਜ਼ਮੀਨ ਦੇਣ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਜਗਦੇਵ ਸਿੰਘ, ਸੁਖਦੇਵ ਸਿੰਘ, ਕਸ਼ਮੀਰ ਸਿੰਘ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਜਰਨੈਲ ਸਿੰਘ, ਜੰਟ ਸਿੰਘ, ਸੁਖਦੇਵ ਸਿੰਘ ਘਰਾਚੋਂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਘਰਾਚੋਂ ਦੇ ਪ੍ਰਧਾਨ ਗੁਰਚਰਨ ਸਿੰਘ, ਮੱਘਰ ਸਿੰਘ, ਬਿੱਲਾ ਸਿੰਘ, ਸ਼ਰਨ ਸਿੰਘ, ਪਿਆਰੋ ਕੌਰ ਅਤੇ ਮੂਰਤੀ ਕੌਰ ਨੇ ਕਿਹਾ ਕਿ ਉਹ ਕਿਸੇ ਵੀ ਨਿੱਜੀ ਹਸਪਤਾਲ ਲਈ ਪੰਚਾਇਤੀ ਜ਼ਮੀਨ ਦੇਣ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਖ-ਵੱਖ ਢੰਗਾਂ ਨਾਲ ਜ਼ਮੀਨਾਂ ਹੜੱਪਣ ਦੀ ਚਾਲ ਖੇਡ ਰਹੀ ਹੈ। ਉਨ੍ਹਾਂ ਸਾਂਝਾ ਮਤਾ ਪਾ ਕੇ ਕਿਹਾ ਕਿ ਪਿੰਡ ਦੀ ਪੰਚਾਇਤੀ ਜ਼ਮੀਨ ਵਿੱਚ ਕਿਸੇ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੇਕਰ ਪ੍ਰਸ਼ਾਸਨ ਨੇ ਧੱਕੇਸ਼ਾਹੀ ਕੀਤੀ ਤਾਂ ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਦੂਜੇ ਪਾਸੇ ਪੰਚਾਇਤ ਵਿਭਾਗ ਨੇ ਦੱਸਿਆ ਕਿ ਲੋਕਾਂ ਦੀ ਭਲਾਈ ਹਿੱਤ ਹਸਪਤਾਲ ਬਣਾਉਣ ਦੀ ਤਜਵੀਜ਼ ਆਈ ਹੈ, ਜੋ ਪੰਚਾਇਤੀ ਜ਼ਮੀਨ ਵਿੱਚ ਬਣਾਇਆ ਜਾਵੇਗਾ। ਉਨ੍ਹਾਂ ਨੇ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਬਿੱਲ ਖੇਤੀ, ਬਿਜਲੀ, ਮੁਲਾਜ਼ਮ, ਮਜ਼ਦੂਰ ਅਤੇ ਛੋਟੇ ਦੁਕਾਨਦਾਰ/ ਆੜ੍ਹਤੀਆਂ ਦੇ ਵਿਰੋਧੀ ਹਨ। ਇਸ ਨਾਲ ਸਮਾਜ ਦੇ ਸਾਰੇ ਵਰਗ ’ਤੇ ਮਾਰੂ ਅਸਰ ਪਵੇਗਾ। ਆਗੂਆਂ ਨੇ ਇਨ੍ਹਾਂ ਮਾਰੂ ਬਿੱਲਾਂ ਖ਼ਿਲਾਫ਼ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ।