ਸੰਗਰੂਰ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੁਆਰਾ ਸਰਕਾਰੀ ਸਕੂਲਾਂ ਵਿਚ ਮਿਹਨਤ ਕਰ ਕੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਅਤੇ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਬਜਾਇ ਸੇਵਾਮੁਕਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦਾ ਪੱਤਰ ਜਾਰੀ ਕਰ ਕੇ ਮੁੜ ਸਕੂਲਾਂ ‘ਚ ਸੱਦਣ ਦੀ ਸਖ਼ਤ ਨਿਖੇਧੀ ਕੀਤੀ ਹੈ। ਡੀਟੀਐਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਸਣੇ ਹੋਰ ਆਗੂਆਂ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਖਾਲੀ ਅਸਾਮੀਆਂ ਹੋਣ ਦੇ ਬਾਵਜੂਦ ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦੇਣ ਤੋਂ ਕਿਨਾਰਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਤਹਿਤ ਪੰਜਾਬ ਸਰਕਾਰ ਵੱਲੋਂ ਵੀ ਪੱਕੀ ਭਰਤੀ ਕਰਨ ਦੀ ਬਜਾਇ ਸੇਵਾਮੁਕਤ ਅਧਿਆਪਕਾਂ ਵਿੱਚੋਂ ਹੀ ‘ਸਵੈ ਸੇਵਕ’ ਲੈਣ ਦੇ ਨਾਂ ਹੇਠ ਕੰਮ ਚਲਾਊ ਪ੍ਰਬੰਧ ਉਸਾਰਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਫੌਰੀ ਅਧਿਆਪਕ ਭਰਤੀ ਕਰਨ ਦੀ ਮੰਗ ਕੀਤੀ। -ਨਿੱਜੀ ਪੱਤਰ ਪ੍ਰੇਰਕ