ਨਿਜੀ ਪੱਤਰ ਪ੍ਰੇਰਕ
ਸੰਗਰੂਰ, 12 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਵੋਟਂਰਾਂ ਨੂੰ ਲੁਭਾਉਣ ਲਈ ਵਰਤੇ ਜਾਣ ਵਾਲੇ ਹਰ ਤਰਾਂ ਦੇ ਸੰਭਾਵਿਤ ਤਰੀਕਿਆਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ ਹੋ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਸ਼ਰਾਬ ਦੇ ਪ੍ਰਚੂਨ ਤੇ ਥੋਕ ਵਿਕਰੇਤਾਵਾਂ ਨਾਲ ਵਿਧਾਨ ਸਭਾ ਚੋਣਾਂ ਦੇ ਸਨਮੁੱਖ ਅਹਿਮ ਮੀਟਿੰਗ ਕਰਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਬੰਧੀ ਸਮੁੱਚੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਪੈਸੇ ਅਤੇ ਨਸ਼ਿਆਂ ਦੀ ਵਰਤੋਂ ਨੂੰ ਮੁਕੰਮਲ ਰੂਪ ਵਿੱਚ ਰੋਕਣ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ।