ਗੁਰਦੀਪ ਸਿੰਘ ਲਾਲੀ
ਸੰਗਰੂਰ 12 ਅਪਰੈਲ
ਸੰਗਰੂਰ ਰੇਲਵੇ ਸਟੇਸ਼ਨ ਦੇ ਬਾਹਰ 31 ਕਿਸਾਨ ਜਥੇਬੰਦੀਆਂ ਵੱਲੋਂ ਲਾਇਆ ਧਰਨਾ ਅੱਜ 194ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਨਿਰਮਲ ਸਿੰਘ ਵਟੜਿਆਣਾ, ਇੰਦਰਪਾਲ ਸਿੰਘ ਪੂੰਨਾਵਾਲ, ਰੋਹੀ ਸਿੰਘ ਮੰਗਵਾਲ, ਜਰਨੈਲ ਸਿੰਘ ਜਹਾਂਗੀਰ, ਡਾਕਟਰ ਹਰਪ੍ਰੀਤ ਕੌਰ ਖਾਲਸਾ, ਲੱਖਮੀ ਚੰਦ, ਜਰਨੈਲ ਸਿੰਘ ਸੋਈਆਂ, ਵਰਿੰਦਰਪਾਲ ਸਿੰਘ ਕਾਦੀਆਂ, ਹਰਜੀਤ ਸਿੰਘ ਕਲੋਦੀ, ਰਾਮ ਸਿੰਘ ਸੋਈਆ, ਦਲਵਾਰਾ ਸਿੰਘ ਨਾਗਰਾ , ਡਾਕਟਰ ਅਮਨਦੀਪ ਕੌਰ, ਅਵਤਾਰ ਸਿੰਘ ਅਤੇ ਹਰਮੇਲ ਸਿੰਘ ਮਹਿਰੋਕ ਨੇ ਕਿਹਾ ਕਿ ਖੇਤੀ ਕਾਲੇ ਦੀ ਵਾਪਸੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੀ ਹੋਂਦ ਦੀ ਲੜਾਈ ਹੈ ਅਤੇ ਕਿਸਾਨ ਅੰਤਲੇ ਸਾਹ ਤੱਕ ਇਹ ਲੜਾਈ ਲੜਨਗੇ। ਦੂਜੇ ਪਾਸੇ ਸੰਗਰੂਰ ਵਿੱਚ ਹੀ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਘਰ ਅੱਗੇ ਅਤੇ ਖੇੜੀ ਵਿਖੇ ਰਿਲਾਇੰਸ ਦੇ ਪੈਟਰੋਲ ਪੰਪ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਜਾਰੀ ਹੈ। ਅੱਜ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਲੋਕਾਂ ਦਾ ਗਲ਼ਾ ਘੁੱਟ ਕੇ ਕੇਵਲ ਅੰਬਾਨੀਆਂ, ਅਡਾਨੀਆਂ ਦੇ ਘਰ ਹੀ ਭਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਨ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ਼ ਵੇਚਿਆ ਜਾ ਰਿਹਾ ਹੈ। ਜੇ ਇਹ ਕਾਲੇ ਕਾ ਨੂੰਨ ਰੱਦ ਨਹੀਂ ਹੁੰਦੇ ਤਾਂ ਦੇਸ਼ ਪੂਰੀ ਤਰ੍ਹਾਂ ਗੁਲਾਮ ਹੋ ਜਾਵੇਗਾ। ਧੂਰੀ(ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 194ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਦੇ ਘਰ ਘਰ ਲੈ ਕੇ ਜਾਇਆ ਜਾਵੇਗਾ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ ਹੁਣ ਕਰੋਨਾ ਮਹਾਂਮਾਰੀ ਦਾ ਬਹਾਨਾ ਬਣਾ ਕੇ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਮਨਵਾ ਕੇ ਘਰ ਵਾਪਸੀ ਕਰਨਗੇ। ਇਸ ਮੌਕੇ, ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਸੁਖਦੇਵ ਸ਼ਰਮਾ, ਭਰਭੂਰ ਸਿੰਘ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੌੜ, ਗੁਰਮੀਤ ਕੌਰ, ਚਰਨਜੀਤ ਸਿੰਘ ਹਥਨ ਵੀ ਹਾਜ਼ਰ ਸਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਟੌਲ ਪਲਾਜ਼ਿਆਂ ਅਤੇ ਪੈਟਰੋਲ ਪੰਪ ਤੇ 194 ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਟੌਲ ਪਲਾਜ਼ਾ ਮਾਝੀ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ ਅਤੇ ਅੰਗਰੇਜ ਸਿੰਘ ਮਾਝੀ ਨੇ ਕਿਹਾ ਹਾੜ੍ਹੀ ਦੇ ਸੀਜ਼ਨ ਦੇ ਬਾਵਜੂਦ ਕਿਸਾਨ ਮੋਰਚੇ ਵਿੱਚ ਕੋਈ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨ ਧਰਨੇ ਵਿੱਚ ਬੇਰੁਜ਼ਗਾਰ ਅਧਿਆਪਕਾਂ ਉੱਤੇ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੌਲ ਪੰਪ ਬਾਲਦ ਕਲਾਂ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਕਿਸਾਨ ਸੰਘਰਸ਼ ਨੂੰ ਫੇਲ੍ਹ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ ਪਰ ਕਿਸਾਨ ਸੰਘਰਸ਼ ਹੋਰ ਵੀ ਤੇਜ਼ ਹੋ ਰਿਹਾ ਹੈ।