ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਸਤੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ਵਿੱਚ 353 ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਇਸ ਮੌਕੇ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਘਰਾਚੋਂ, ਮਹਿੰਦਰ ਕੌਰ ਅਤੇ ਮਨਜੀਤ ਕੌਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਆਪਣੇ ਅੜੀਅਲ ਰਵੱਈਏ ਕਾਰਨ ਕਾਨੂੰਨ ਵਾਪਸ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਪਹਿਲਾਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਪ੍ਰਚਾਰ ਮੁਹਿੰਮ ਚਲਾਈ ਗਈ ਅਤੇ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੇ ਪਾਖੰਡ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਵੀ ਧਰਨਾ ਜਾਰੀ ਰੱਖਿਆ ਗਿਆ।
ਲਹਿਰਾਗਾਗਾ( ਰਮੇਸ਼ ਭਾਰਦਵਾਜ): ਇਥੇ ਲਹਿਲ ਖੁਰਦ ਕੈਂਚੀਆਂ ’ਚ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਜਰਨਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ ਅੱਜ 351ਵੇਂ ਦਿਨ ਵੀ ਜਾਰੀ ਰਿਹਾ। ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ ਨੇ ਸਟੇਜ ਦੀ ਕਾਰਗੁਜ਼ਾਰੀ ਬਾਖੂਬੀ ਨਿਭਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਵਲੋਂ ਖੇਤੀਬਾੜੀ ਮੋਟਰਾਂ ਨੂੰ ਬਹੁਤ ਘੱਟ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਬਿਜਲੀ ਸਪਲਾਈ ਵਧਾਉਣ ਦੀ ਮੰਗ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਹਾਜ਼ਰ ਸਨ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਜਸਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 351 ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਖੁਸ਼ਵੰਤ ਸਿੰਘ, ਜਸਪਾਲ ਸਿੰਘ , ਹਰਬੰਸ ਸਿੰਘ ਪੇਧਨੀ ਹਾਜ਼ਰ ਸਨ।