ਸਰਬਜੀਤ ਸਿੰਘ ਭੰਗੂ
ਪਟਿਆਲਾ, 20 ਸਤੰਬਰ
ਦਿੱਲੀ ਦੀਆਂ ਹੱਦਾਂ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਰੰਭੇ ਕਿਸਾਨੀ ਘੋਲ ਨੂੰ ਮਜ਼ਬੂਤ ਕਰਨ ਲਈ ਹਲਕਾ ਸਨੌਰ ਦੇ ਜੁਝਾਰੂ ਯੋਧਿਆਂ ਵੱਲੋਂ ਅਰੰਭੀ ਗਈ ‘ਜ਼ਮੀਰ ਜਗਾਓ, ਦਿੱਲੀ ਜਾਓ’ ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਵਿਅਕਤੀਆਂ ਵੱਲੋਂ ਅਮਨ ਚੌਕ ਦੇਵੀਗੜ੍ਹ ਰੋਡ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਲੋਕਾਂ ਨੂੰ ਕਿਸਾਨੀ ਮੋਰਚੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਮਰਥਨ ਲਈ ਪਹੁੰਚੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਖ਼ਜ਼ਾਨਚੀ ਗੁਰਮੀਤ ਸਿੰਘ ਦਿੱਤੂਪੁਰ ਅਤੇ ਸੂਬਾਈ ਆਗੂ ਹਰਜਿੰਦਰ ਸਿੰਘ ਨੇ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਹਰਿਆਣਾ ਦੇ ਇਸਮਾਈਲਾਬਾਦ ਵਿੱਚ 22 ਸਤੰਬਰ ਨੂੰ ਹੋਣ ਜਾ ਰਹੀ ਮਹਾਕਿਸਾਨ ਪੰਚਾਇਤ ਵਿੱਚ ਲੋਕਾਂ ਨੂੰ ਵੱਡੀ ਗਿਣਤੀ ’ਚ ਪਹੁੰਚਣ ਦੀ ਅਪੀਲ ਕੀਤੀ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਮਾਲੇਰਕੋਟਲਾ ਇਕਾਈ ਦੀ ਇੱਕ ਬੈਠਕ ਇਥੇ ਨਿਰਮਲ ਸਿੰਘ ਅਲੀਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਕੁਲਵਿੰਦਰ ਸਿੰਘ ਭੂਦਨ ਅਤੇ ਚਰਨਜੀਤ ਸਿੰਘ ਹਥਨ ਨੇ ਕਿਹਾ ਕਿ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ 22 ਸਤੰਬਰ ਨੂੰ ਨਾਨਕਿਆਣਾ ਸੰਗਰੂਰ ਵਿੱਚ ਹੋ ਰਹੀ ਮੀਟਿੰਗ ਵਿੱਚ ਮਜ਼ਦੂਰਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਲਈ ਮਜ਼ਦੂਰਾਂ ਨੂੰ ਪ੍ਰੇਰਿਤ ਅਤੇ ਜਾਗਰੂਕ ਕੀਤਾ ਜਾਵੇ। ਆਗੂਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਤਿਆਰੀ ਲਈ ਮਾਲੇਰਕੋਟਲਾ ਅਤੇ ਅਮਰਗੜ੍ਹ ਵਿੱਚ ਝੰਡਾ ਮਾਰਚ ਕਰ ਕੇ ਆਮ ਲੋਕਾਂ ਨੂੰ 27 ਸਤੰਬਰ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਲਾਮਬੰਦ ਕੀਤਾ ਜਾਵੇਗਾ ਅਤੇ 27 ਸਤੰਬਰ ਨੂੰ ਮਾਲੇਰਕੋਟਲਾ ਦੇ ਗਰੇਵਾਲ ਚੌਕ ਅਤੇ ਅਮਰਗੜ੍ਹ ਦੇ ਬੱਸ ਅੱਡੇ ’ਤੇ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਬਰਨਾਲਾ ਵਿੱਚ ਹੋ ਰਹੀ ਰੈਲੀ ’ਚ ਸ਼ਮੂਲੀਅਤ ਲਈ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਜਾਣ।
ਧੂਰੀ (ਖੇਤਰੀ ਪ੍ਰਤੀਨਿਧ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਲਾਏ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 354ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਹਰ ਹੀਲਾ ਵਰਤਿਆ ਜਾ ਰਿਹਾ, ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਿੰਡਾਂ ਅੰਦਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸਾਈਕਲ ਮਾਰਚ ਭਲਕ ਤੋਂ
ਮੰਡੀ ਅਹਿਮਦਗੜ੍ਹ (ਪੱਤਰ ਪ੍ਰੇਰਕ): ਕਿਸਾਨ-ਮਜ਼ਦੂਰ ਅੰਦੋਲਨ ਸਹਿਯੋਗੀ ਲਹਿਰ ਵੱਲੋਂ ਸਾਬਕਾ ਵਿਧਾਇਕ ਤਰਸੇਮ ਜੋਧਾਂ ਦੀ ਰਹਿਨੁਮਾਈ ਵਿੱਚ ਇੱਥੋਂ ਨੇੜਲੇ ਪਿੰਡ ਡੇਹਲੋਂ ਵਿੱਚ ਮੀਟਿੰਗ ਕਰ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਤਰਸੇਮ ਜੋਧਾਂ ਤੋਂ ਇਲਾਵਾ ਸ਼ਮਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਸਹਾਰਨ ਮਾਜਰਾ , ਹਰਦੇਵ ਸਿੰਘ ਸੁਨੇਤ , ਬੂਟਾ ਸਿੰਘ ਕਿਲਾ ਰਾਏਪੁਰ, ਚਰਨਜੀਤ ਸਿੰਘ ਹਿਮਾਂਯੂੰਪੁਰਾ, ਸ਼ਿੰਦਰ ਸਿੰਘ ਜਵੱਦੀ, ਸੱਤਪਾਲ ਸਿੰਘ ਮਾਨਸਾ ਅਤੇ ਡਾ. ਐੱਨਐੱਸ ਸੋਢੀ ਆਦਿ ਬੁਲਾਰਿਆਂ ਨੇ ਐਲਾਨ ਕੀਤਾ ਕਿ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਸ਼ਹੀਦ ਭਗਤ ਸਿੰਘ ਜੀ ਦੇ 114ਵੇਂ ਜਨਮ ਦਿਨ ਨੂੰ ਸਮਰਪਿਤ 22 ਸਤੰਬਰ ਤੋਂ 28 ਸਤੰਬਰ ਤੱਕ ਸਿੰਘੂ ਬਾਰਡਰ ਤੱਕ ਸਾਈਕਲ ਮਾਰਚ ਕੱਢਿਆ ਜਾਵੇਗਾ।