ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 12 ਦਸੰਬਰ
ਪੈਪਸੀਕੋ ਵਰਕਰਜ਼ ਯੂਨੀਅਨ ਏਟਕ ਚੰਨੋਂ ਵੱਲੋਂ ਅੱਜ ਕਿਸਾਨੀ ਅੰਦੋਲਨ ਦਾ ਸਮਰਥਨ ਕਰਦਿਆਂ ਇਲਾਕੇ ਦੇ 30 ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਜਨਰਲ ਸਕੱਤਰ ਕ੍ਰਿਸ਼ਨ ਸਿੰਘ ਭੜੋ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀਆ ਮਾਵਾਂ, ਭੈਣਾਂ, ਬਜ਼ੁਰਗ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਦਿੱਲੀ ਹਕੂਮਤ ਦੇ ਲੋਕ ਮਾਰੂ ਫੈਸਲਿਆਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਦੇਸ਼ ਦੀਆ ਸਮੁੱਚੀਆਂ ਜਥੇਬੰਦੀਆਂ ਦੇ ਸੱਦੇ ’ਤੇ ਦੇਸ਼ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪਰਿਵਾਰਾਂ ਸਮੇਤ ਧਰਨੇ ਵਿੱਚ ਹਾਜ਼ਰੀ ਲਗਵਾਈ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਾਜਪਾ ਹਕੂਮਤ ਅਨਾਜ ਦਾ ਸਾਰਾ ਪ੍ਰਬੰਧ ਵਪਾਰੀ ਵਰਗ ਦੇ ਹੱਥਾਂ ਵਿੱਚ ਦੇਣਾ ਚਾਹੁੰਦੀ ਹੈ, ਜਿਸ ਨੂੰ ਦੇਸ਼ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਰਾਜਵੀਰ ਸਿੰਘ, ਜੋਰਾ ਸਿੰਘ, ਬਲਵੰਤ ਅਗੇਤਾਂ, ਬਲਕਾਰ ਮਾਝੀ, ਬੱਬੂ ਸਿੰਘ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਡਟਵਾਂ ਵਿਰੋਧ ਕੀਤਾ।