ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 31 ਅਗਸਤ
ਸੰਯੁਕਤ ਕਿਸਾਨ ਮੋਰਚਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਕਿਯੂ ਡਕੌਦਾ ਦੇ ਜ਼ਿਲ੍ਹਾ ਆਗੂ ਕੁਲਦੀਪ ਸਿੰਘ ਜੋਸ਼ੀ ਦੀ ਪ੍ਰਧਾਨਗੀ ਹੇਠ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿੱਚ ਹੋਈ, ਜਿਸ ਵਿੱਚ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ 5 ਸਤੰਬਰ ਨੂੰ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਣ ਦੇ ਉਲੀਕੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਚਾਰ-ਚਰਚਾ ਕੀਤੀ ਗਈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਲੌਂਗੋਵਾਲ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਘਨੌਰ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਨਿਰਮਲ ਸਿੰਘ ਨੇ ਦੱਸਿਆ ਕਿ ਲੰਪੀ ਸਕਿਨ ਬਿਮਾਰੀ ਨਾਲ ਪੰਜਾਬ ਦੇ ਪਸ਼ੂ ਪਾਲਕਾਂ ਦਾ ਵੱਡਾ ਨੁਕਸਾਨ ਹੋਇਆ ਹੈ ਜਿਸ ਕਰਕੇ ਪਸ਼ੂ ਪਾਲਕਾਂ ਨੂੰ ਬਿਮਾਰੀ ਕਾਰਨ ਮਰੇ ਪ੍ਰਤੀ ਪਸ਼ੂ ਦਾ ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਪ੍ਰਾਈਵੇਟ ਗੰਨਾ ਮਿੱਲ ਮਾਲਕਾਂ ਦੀ ਨਕੇਸ ਕਸ ਕੇ ਕਿਸਾਨਾਂ ਦੀ ਬਕਾਇਆ ਕਰੋੜਾਂ ਰੁਪਏ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਦਿਵਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਧੂਰੀ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਿੜ੍ਹਬਾ ਵਿਚ, ਸੰਗਰੂਰ ਅਤੇ ਲਹਿਰਾਗਾਗਾ ਦੇ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਵੀ ਰੋਸ ਮੁਜ਼ਾਹਰੇ ਕੀਤੇ ਜਾਣਗੇ।