ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਨਵੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕਾਂ ਵੱਲੋਂ ਦੀਵਾਲੀ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਾਕਾਰੀ ਕੰਪਿਊਟਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਚਾਰ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੇ ਵਾਅਦਿਆਂ ਖ਼ਿਲਾਫ਼ ਪੋਲ ਖੋਲ੍ਹ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਪਹਿਲੀ ਦਸੰਬਰ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਰੈਲੀ ਕਰ ਕੇ ਭੁੱਖ ਹੜਤਾਲ ਨੂੰ ਮਰਨ ਵਰਤ ਵਿੱਚ ਤਬਦੀਲ ਕੀਤਾ ਜਾਵੇਗਾ।
ਲੜੀਵਾਰ ਭੁੱਖ ਹੜਤਾਲ ਦੇ ਕਰੀਬ ਦੋ ਮਹੀਨੇ ਪੂਰੇ ਹੋਣ ’ਤੇ ਜ਼ਿਲ੍ਹਾ ਸੰਗਰੂਰ ਅਤੇ ਹੁਸ਼ਿਆਰਪੁਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਪੱਕੇ ਮੋਰਚੇ ਦੇ ਕੈਂਪ ਵਿੱਚ ਜਿੱਥੇ ‘ ਦੀਵੇ ਬਾਲ ਕੇ ਸਰਕਾਰ ਖ਼ਿਲਾਫ਼ ਨਾਅਰੇ ਲਿਖੇ ਗਏ, ਉੱਥੇ ਹੀ ਸਰਕਾਰ ਦੀ ਅਰਥੀ ਮੋਢਿਆਂ ’ਤੇ ਚੁੱਕ ਕੇ ਰੋਸ ਮਾਰਚ ਕੀਤਾ ਗਿਆ ਅਤੇ ਸਰਕਾਰ ਦੀ ਅਰਥੀ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂਆਂ ਜਗਦੀਸ ਸ਼ਰਮਾ, ਜੋਨੀ ਸਿੰਗਲਾ, ਨਵਜੋਤ ਸਿੰਘ ਅਤੇ ਹਰਪ੍ਰੀਤ ਕੌਰ ਲੁਧਿਆਣਾ ਨੇ ਕਿਹਾ ਕਿ ਉਹ ਪਹਿਲੀ ਸਤੰਬਰ ਤੋਂ ਭੁੱਖ ਹੜਤਾਲ ’ਤੇ ਬੈਠੇ ਹਨ, ਪਰ ਹੁਣ ਤੱਕ ਸਰਕਾਰ ਵੱਲੋਂ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲਗਾਤਾਰ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਝੂਠੇ ਸਾਬਿਤ ਹੋਏ ਹਨ। ਦੀਵਾਲੀ ਮੌਕੇ ਜਿੱਥੇ ਪੰਜਾਬ ਦੇ ਬਾਕੀ ਮੁਲਾਜਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ, ਉੱਥੇ ਹੀ ਕੰਪਿਊਟਰ ਅਧਿਆਪਕਾਂ ਦਾ ਡੀਏ ਛੇਵੇਂ ਤਨਖਾਹ ਕਮਿਸ਼ਨ ਦਾ ਬਹਾਨਾ ਲਗਾ ਕੇ ਪਿਛਲੇ ਤਿੰਨ ਸਾਲਾਂ ਤੋ ਰਿਵਾਈਜ਼ ਨਹੀਂ ਕੀਤਾ ਗਿਆ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਐਲਾਨ ਕੀਤਾ ਕਿ ਚਾਰ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੇ ਵਾਅਦਿਆਂ ਖ਼ਿਲਾਫ਼ ਪੋਲ ਖੋਲ੍ਹ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਪਹਿਲੀ ਦਸੰਬਰ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਰੈਲੀ ਕਰ ਕੇ ਭੁੱਖ ਹੜਤਾਲ ਨੂੰ ਮਰਨ ਵਰਤ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਮੌਕੇ ਨਰਦੀਪ ਸ਼ਰਮਾ, ਪ੍ਰਦੀਪ ਕੁਮਾਰ ਹੁਸਿਆਰਪੁਰ, ਜਸਬੀਰ ਸਿੰਘ, ਵਿਸਾਲ ਕੁ਼ਮਾਰ, ਰਾਜਪਾਲ, ਤੇਜਿੰਦਰ ਬਾਂਸਲ ਆਦਿ ਕੰਪਿਊਟਰ ਅਧਿਆਪਕ ਮੌਜੂਦ ਸਨ।