ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਅਕਤੂਬਰ
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਖਫ਼ਾ ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਪੰਜਾਬ ਦੀ ਅਗਵਾਈ ਹੇਠ ਫਰੀਡਮ ਫਾਈਟਰ ਪਰਿਵਾਰਾਂ ਵਲੋਂ ਡੀਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਮੁੱਖ ਮੰਤਰੀ ਨੇ ਮੀਟਿੰਗਾਂ ਕਰ ਕੇ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ। ਰੋਸ ਧਰਨੇ ’ਚ ਕੁੱਲ ਹਿੰਦ ਕਮੇਟੀ ਦੇ ਮੈਂਬਰ ਗੁਰਇੰਦਰ ਪਾਲ ਸਿੰਘ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਤ ਦਿਨ ਫਰੀਡਮ ਫਾਈਟਰਾਂ ਦੇ ਵਾਰਸਾਂ ਨੂੰ ਲਾਰੇ ਲਗਾਏ ਜਾ ਰਹੇ ਹਨ ਅਤੇ ਪਹਿਲਾਂ ਵਾਅਦੇ ਕਰ ਕੇ ਮੰਨੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਜ਼ਿਲ੍ਹਾ ਹੈਡਕੁਆਰਟਰ ’ਤੇ ਦੇਸ਼ ਭਗਤ ਯਾਦਗਾਰੀ ਹਾਲ ਲਈ ਥਾਂ ਦੀ ਮੰਗ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ ਪਰੰਤੂ ਵਾਰ ਵਾਰ ਵਾਅਦੇ ਕਰ ਕੇ ਪ੍ਰਸ਼ਾਸਨ ਮੁੱਕਰ ਰਿਹਾ ਹੈ।ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇੱਕ ਹਫ਼ਤੇ ਦੇ ਅੰਦਰ ਅੰਦਰ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਕਰ ਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਵਲੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।
ਇਸ ਦੌਰਾਨ ਪ੍ਰਸ਼ਾਸਨ ਤਰਫ਼ੋਂ ਪੁੱਜੇ ਤਹਿਸੀਲਦਾਰ ਤੇ ਥਾਣਾ ਸਿਟੀ ਇੰਚਾਰਜ ਨੇ ਭਰੋਸਾ ਦਿੱਤਾ ਕਿ ਹਫ਼ਤੇ ਦੇ ਅੰਦਰ ਸਥਾਨਕ ਮਸਲੇ ਦਾ ਹੱਲ ਕੀਤਾ ਜਾਵੇਗਾ। ਇਸੇ ਦੌਰਾਨ ਲਖੀਮਪੁਰ ਖੀਰੀ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।