ਖੇਤਰੀ ਪ੍ਰਤੀਨਿਧ
ਧੂਰੀ, 29 ਅਕਤੂਬਰ
ਇਕ ਪਾਸੇ ਡੇਂਗੂ ਆਪਣੇ ਪੈਰ ਪਸਾਰ ਰਿਹਾ ਹੈ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਪਾਣੀ ਜਮ੍ਹਾਂ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਪ੍ਰੰਤੂ ਇਸ ਦੇ ਉਲਟ ਸਥਾਨਕ ਵਾਰਡ ਨੰਬਰ 7 ਵਿਚ ਸੜਕ ’ਤੇ ਪਏ ਡੂੰਘੇ ਟੋਇਆਂ ’ਚ ਖੜ੍ਹੇ ਪਾਣੀ ਅਤੇ ਟੋਇਆਂ ਕਾਰਨ ਵਾਪਰਦੇ ਹਾਦਸਿਆਂ ਵੱਲ ਕਿਸੇ ਵੀ ਵਿਭਾਗ ਦੇ ਅਧਿਕਾਰੀ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਤੋਂ ਰੋਸ ਵਿਚ ਆਏ ਮੁਹੱਲਾ ਨਿਵਾਸੀਆਂ ਵੱਲੋਂ ਅੱਜ ਵਾਰਡ ਨੰਬਰ 7 ਦੀ ਕੌਂਸਲਰ ਸੋਨੀਆ ਦੇ ਪਤੀ ਵਿੱਕੀ ਪਰੋਚਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਵਿੱਕੀ ਪਰੋਚਾ ਨੇ ਕਿਹਾ ਕਿ ਕਰੀਬ ਢਾਈ ਸਾਲ ਪਹਿਲਾਂ ਬਣਾਈ ਗਈ ਇਹ ਸੜਕ ਪਿਛਲੇ ਲੰਮੇਂ ਸਮੇਂ ਤੋਂ ਟੁੱਟ-ਭੱਜ ਦਾ ਸ਼ਿਕਾਰ ਹੈ ਅਤੇ ਸੜਕ ’ਤੇ ਪਏ ਡੂੰਘੇ ਟੋਇਆਂ ਕਾਰਨ ਅਨੇਕਾਂ ਹਾਦਸੇ ਵੀ ਵਾਪਰ ਚੁੱਕੇ ਹਨ। ਇਸ ਸੜਕ ਤੋਂ ਇਲਾਵਾ ਮੁੱਖ ਮੰਤਰੀ ਦੇ ਹਲਕਾ ਧੂਰੀ ਅੰਦਰ ਦਾਖਲ ਹੋਣ ਵਾਲੇ ਜ਼ਿਆਦਾਤਰ ਰਸਤਿਆਂ ਦੀ ਹਾਲਤ ਵੀ ਖਸਤਾ ਬਣੀ ਹੋਈ ਹੈ।ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਅਸ਼ਵਨੀ ਕੁਮਾਰ ਨਾਲ ਸੰਪਰਕ ਨਹੀਂ ਹੋ ਸਕਿਆ। ਐਸ.ਐਮ.ਓ ਧੂਰੀ ਸੰਗੀਤਾ ਜੈਨ ਨੇ ਕਿਹਾ ਕਿ ਇਸ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਉਹ ਸਬੰਧਿਤ ਵਿਭਾਗਾਂ ਨੂੰ ਪੱਤਰ ਲਿਖਣਗੇ। ਐਸ.ਡੀ.ਐਮ ਅਮਿਤ ਗੁਪਤਾ ਨੇ ਕਿਹਾ ਕਿ ਜਲਦ ਹੀ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ।