ਰਣਜੀਤ ਸਿੰਘ ਸ਼ੀਤਲ
ਦਿੜਬਾ ਮੰਡੀ, 10 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਿਸਾਨਾਂ ਵੱਲੋਂ ਖੇਤੀ ਮੋਟਰਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਯੂਨੀਅਨ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ਅਗਵਾਈ ਹੇਠ ਪਿੰਡ ਗੁੱਜਰਾਂ ਦੇ ਬਿਜਲੀ ਗਰਿੱਡ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਅੇ ਪਿੰਡ ਦੇ ਲੋਕ ਹਾਜ਼ਰ ਸਨ। ਕਿਸਾਨ ਆਗੂ ਦਰਸ਼ਨ ਸਿੰਘ ਸ਼ਾਦੀਹਰੀ ਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਗਰਿੱਡ ਤੋਂ ਪਿੰਡ ਗੁੱਜਰਾਂ, ਖਾਨਪੁਰ ਫਕੀਰਾਂ, ਮੌੜਾਂ ਆਦਿ ਪਿੰਡਾਂ ਨੂੰ ਬਿਜਲੀ ਦੀ ਸਪਲਾਈ ਜਾਂਦੀ ਹੈ ਪਰ ਪਿਛਲੇ ਦਿਨਾਂ ਤੋਂ ਜਿੱਥੇ ਘਰੇਲੂ ਬਿਜਲੀ ਦੇ ਲੰਬੇ ਲੰਬੇ ਕੱਟ ਲੱਗ ਰਹੇ ਹਨ, ਉੱਥੇ ਹੀ ਖੇਤੀਬਾੜੀ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਵਿੱਚ ਵੱਡੇ ਕੱਟ ਲੱਗ ਰਹੇ ਹਨ, ਜਿਸ ਕਰਕੇ ਝੋਨੇ ਦੇ ਝਾੜ ਨੂੰ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਹੈ ਕਿਉਂਕਿ ਇਸ ਸਮੇਂ ਝੋਨੇ ਨੂੰ ਅਖੀਰਲਾ ਪਾਣੀ ਲੱਗ ਰਿਹਾ ਹੈ ਪਰ ਬਿਜਲੀ ਦੀ ਸਪਲਾਈ ਨਿਰਵਿਘਨ ਨਾ ਚੱਲਣ ਕਾਰਨ ਕਿਸਾਨਾਂ ਨੂੰ ਇਹ ਕਦਮ ਚੁੱਕਣਾ ਪਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤਾਂ ਦੀ ਬਿਜਲੀ ਚਾਲੂ ਨਹੀਂ ਹੁੰਦੀ, ਉਦੋਂ ਤੱਕ ਇਹ ਘਿਰਾਓ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਰਲ ਕੇ ਜਾਣ ਬੱਝ ਕੇ ਕਿਸਾਨਾਂ ਨੂੰ ਖੱਜਲ ਕਰ ਰਹੀ ਹੈ ਕਿਉਂਕਿ ਜੋ ਵੀ ਵਾਅਦੇ ਕਾਂਗਰਸ ਸਰਕਾਰ ਕਰ ਰਹੀ ਹੈ ਉਹ ਕਿਸੇ ਵੀ ਤਣ ਪੱਤਣ ਲੱਗਣ ਵਾਲੇ ਨਹੀਂ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੜਕਾਂ ਜਾਮ ਕੀਤੀਆਂ ਜਾਣਗੀਆਂ।
ਕਿਸਾਨਾਂ ਨੇ ਖੇਤੀ ਬਿਜਲੀ ਸਪਲਾਈ ਦੇ ਕੱਟਾਂ ਖ਼ਿਲਾਫ਼ ਮੋਰਚਾ ਖੋਲ੍ਹਿਆ
ਭਵਾਨੀਗੜ੍ਹ (ਪੱਤਰ ਪ੍ਰੇਰਕ) ਅੱਜ ਇੱਥੋਂ ਨੇੜਲੇ ਪਿੰਡ ਘਰਾਚੋਂ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਬਿਜਲੀ ਸਪਲਾਈ ਦੇ ਕੱਟਾਂ ਖ਼ਿਲਾਫ਼ ਭਰਵੀਂ ਮੀਟਿੰਗ ਕਰਕੇ 11 ਅਕਤੂਬਰ ਨੂੰ ਭਵਾਨੀਗੜ੍ਹ-ਸੁਨਾਮ ਮੁੱਖ ਮਾਰਗ ’ਤੇ ਨਾਗਰਾ ਗਰਿੱਡ ਕੋਲ ਜਾਮ ਲਗਾਉਣ ਦਾ ਐਲਾਨ ਕੀਤਾ ਹੈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਨਰੰਜਣ ਸਿੰਘ ਦੋਹਲਾ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਯੂਥ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਮੰਗਵਾਲ ਅਤੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਨੇ ਕਿਹਾ ਕਿ ਜਦੋਂ ਝੋਨੇ ਦੀ ਪੱਕੀ ਫਸਲ ਲਈ ਪਾਣੀ ਦੀ ਸਖਤ ਜ਼ਰੂਰਤ ਹੈ ਤਾਂ ਪਾਵਰਕੌਮ ਵੱਲੋਂ ਬਿਜਲੀ ਸਪਲਾਈ ਵਿੱਚ ਵੱਡੇ ਵੱਡੇ ਕੱਟ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਅਧਿਕਾਰੀਆਂ ਦੇ ਭਰੋਸਿਆਂ ਦੇ ਬਾਵਜੂਦ ਸਪਲਾਈ ਵਿੱਚ ਕੋਈ ਸੁਧਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਡੀਏਪੀ ਖਾਦ ਦੀ ਘਾਟ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।